ਸੁਪਰੀਮ ਕੋਰਟ ਵੱਲੋਂ ਮਹਾਕੁੰਭ ਵਿੱਚ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਸੁਪਰੀਮ ਕੋਰਟ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਭਗਦੜ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨਕਰਤਾ ਨੂੰ ਇਲਾਹਾਬਾਦ ਹਾਈ ਕੋਰਟ ਜਾਣ ਲਈ ਕਿਹਾ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਇਸ ਮਾਮਲੇ ’ਤੇ ਇਲਾਹਾਬਾਦ ਹਾਈ ਕੋਰਟ ਵਿੱਚ ਪਹਿਲਾਂ ਹੀ ਇੱਕ ਪਟੀਸ਼ਨ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਮੌਜੂਦਾ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਨਹੀਂ ਹੋਣੀ ਚਾਹੀਦੀ। ਸੁਪਰੀਮ ਕੋਰਟ ਨੇ ਭਗਦੜ ਨੂੰ ‘ਮੰਦਭਾਗੀ ਘਟਨਾ’ ਕਰਾਰ ਦਿਤਾ ਅਤੇ ਪਟੀਸ਼ਨਕਰਤਾ ਅਤੇ ਵਕੀਲ ਵਿਸ਼ਾਲ ਤਿਵਾੜੀ ਨੂੰ ਇਲਾਹਾਬਾਦ ਹਾਈ ਕੋਰਟ ਵਿਚ ਜਾਣ ਲਈ ਕਿਹਾ। ਇਹ ਪਟੀਸ਼ਨ ਵਕੀਲ ਵਿਸ਼ਾਲ ਤਿਵਾੜੀ ਦੁਆਰਾ ਦਾਇਰ ਕੀਤੀ ਗਈ ਸੀ। ਜਨਹਿੱਤ ਪਟੀਸ਼ਨ ਵਿੱਚ ਪ੍ਰਯਾਗਰਾਜ ਮਹਾਂਕੁੰਭ ’ਚ ਹੋਈ ਭਗਦੜ ਬਾਰੇ ਸਟੇਟਸ ਰਿਪੋਰਟ ਮੰਗੀ ਗਈ ਹੈ ਤੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਦੇ ਬੈਂਚ ਨੂੰ ਦਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਲਾਹਾਬਾਦ ਹਾਈ ਕੋਰਟ ’ਚ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਨੂੰ ਰਿਕਾਰਡ ’ਤੇ ਲੈਂਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਇਸ ਮਾਮਲੇ ਵਿਚ ਹਾਈ ਕੋਰਟ ਜਾ ਸਕਦਾ ਹੈ। ਪਟੀਸ਼ਨ ਵਿਚ ਕੇਂਦਰ ਅਤੇ ਸਾਰੇ ਰਾਜਾਂ ਨੂੰ ਧਿਰ ਬਣਾਇਆ ਗਿਆ ਹੈ। ਇਸ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਕੱਠੇ ਕੰਮ ਕਰਨ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਤਾਂ ਜੋ ਮਹਾਂਕੁੰਭ ’ਚ ਸ਼ਰਧਾਲੂਆਂ ਲਈ ਇਕ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਪਟੀਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 32 ਤਹਿਤ ਦਾਇਰ ਕੀਤੀ ਗਈ ਹੈ ਜਿਸ ਵਿਚ ਮਹਾਂਕੁੰਭ ’ਚ ਭਗਦੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਾਜ ਸਰਕਾਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਨੂੰ ਭਗਦੜ ਦੀ ਘਟਨਾ ’ਤੇ ਸਥਿਤੀ ਰਿਪੋਰਟ ਪੇਸ਼ ਕਰਨ ਤੇ ਲਾਪਰਵਾਹੀ ਲਈ ਜ਼ਿੰਮੇਵਾਰ ਲੋਕਾਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਦਾ ਨਿਰਦੇਸ਼ ਦੇਵੇ। ਪਟੀਸ਼ਨ ਵਿਚ ਸਾਰੇ ਰਾਜਾਂ ਵਲੋਂ ਕੁੰਭ ਮੇਲਾ ਖੇਤਰ ਵਿਚ ਇਕ ਸਹੂਲਤ ਕੇਂਦਰ ਖੋਲ੍ਹਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਗੈਰ-ਹਿੰਦੀ ਭਾਸ਼ੀ ਲੋਕਾਂ ਨੂੰ ਸਹੂਲਤ ਮਿਲ ਸਕੇ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਅਜਿਹੇ ਸਮਾਗਮਾਂ ਵਿਚ ਵੀਆਈਪੀ ਆਵਾਜਾਈ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਆਮ ਆਦਮੀ ਲਈ ਵੱਧ ਤੋਂ ਵੱਧ ਜਗ੍ਹਾ ਰੱਖੀ ਜਾਣੀ ਚਾਹੀਦੀ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਵੱਡੇ ਧਾਰਮਕ ਸਮਾਗਮਾਂ ਵਿਚ ਭਗਦੜ ਤੋਂ ਬਚਣ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਲਈ, ਦੇਸ਼ ਦੀਆਂ ਪ੍ਰਮੁੱਖ ਭਾਸ਼ਾਵਾਂ ਵਿਚ ਡਿਸਪਲੇ ਬੋਰਡ ਲਗਾਏ ਜਾਣ ਅਤੇ ਰਾਜ ਆਪਣੇ ਸ਼ਰਧਾਲੂਆਂ ਨੂੰ ਮੋਬਾਈਲ ’ਤੇ ਜਾਣਕਾਰੀ ਦੇਣ, ਵਟਸਐਪ।