Loading Now

IAS ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ DC ਵਜੋਂ ਸੰਭਾਲਿਆ ਅਹੁਦਾ

IAS ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ DC ਵਜੋਂ ਸੰਭਾਲਿਆ ਅਹੁਦਾ

ਜਲੰਧਰ, 10 ਅਪ੍ਰੈਲ – 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਸਵੇਰੇ ਜਲੰਧਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰਜ ਸੰਭਾਲਣ ਤੋਂ ਪਹਿਲਾਂ, ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਅਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਅਧਿਕਾਰੀਆਂ ਅਤੇ ਸਟਾਫ਼ ਨਾਲ ਮੀਟਿੰਗ ਦੌਰਾਨ ਸ਼੍ਰੀ ਵਾਲੀਆ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਵੱਖ-ਵੱਖ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਵਿਸਥਾਰਤ ਸਿਸਟਮ ਤਿਆਰ ਕੀਤਾ ਜਾਵੇਗਾ। ਜਲੰਧਰ ਨਾਲ ਆਪਣੀ ਸਾਂਝ ਨੂੰ ਯਾਦ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਜਲੰਧਰ ਵਿੱਚ ਆਪਣੀ ਇੱਕ ਸਾਲ ਦੀ ਫੀਲਡ ਸਿਖ਼ਲਾਈ ਮੁਕੰਮਲ ਕੀਤੀ ਸੀ ਅਤੇ ਕੋਵਿਡ-19 ਮਹਾਂਮਾਰੀ ਅਤੇ ਹੜ੍ਹ ਦੀ ਸਥਿਤੀ ਦੇ ਪ੍ਰਬੰਧਨ ਵਿੱਚ ਵੀ ਕੰਮ ਕੀਤਾ। ਜਲੰਧਰ ਨੂੰ ਖੇਡਾਂ, ਉਦਯੋਗ, ਮੀਡੀਆ ਅਤੇ ਪ੍ਰਵਾਸੀ ਭਾਰਤੀਆਂ ਦਾ ਇੱਕ ਪ੍ਰਮੁੱਖ ਕੇਂਦਰ ਦੱਸਦਿਆਂ, ਡਿਪਟੀ ਕਮਿਸ਼ਨਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਜਲੰਧਰ ਵਿੱਚ ਤਾਇਨਾਤ ਹੋਣ ਤੋਂ ਪਹਿਲਾਂ, ਸ਼੍ਰੀ ਵਾਲੀਆ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਜਿੱਥੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸਬੰਧਤ ਮਹੱਤਵਪੂਰਨ ਸਮਾਗਮਾਂ ਵਿੱਚ ਡਿਊਟੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ।

Share this content:

Post Comment