NEET ਪੇਪਰ ਲੀਕ ਵਿਵਾਦ ਨੂੰ ਦੇਖਦਿਆਂ ਉੱਚ ਸਿਖਿਆ ਵਿਭਾਗ ਦੇ ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ
ਨਵੀਂ ਦਿੱਲੀ, 24 ਜੁਲਾਈ – NEET ਪੇਪਰ ਲੀਕ ਨੂੰ ਲੈਕੇ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਦੇ ਅਹੁਦੇ ‘ਤੇ ਵੱਡਾ ਬਦਲਾਅ ਕੀਤਾ ਹੈ। ਸੀਨੀਅਰ ਆਈਏਐੱਸ ਅਧਿਕਾਰੀ ਵਿਨੀਤ ਜੋਸ਼ੀ ਨੂੰ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਦੇ ਅਹੁਦੇ ਤੋਂ ਹਟਾ ਕੇ ਪੰਚਾਇਤੀ ਰਾਜ ਮੰਤਰਾਲੇ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਰੇਸ਼ ਪਾਲ ਗੰਗਵਾਰ ਨੂੰ ਉਨ੍ਹਾਂ ਦੀ ਜਗ੍ਹਾ ਉੱਚ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਬਣਾਇਆ ਗਿਆ ਹੈ।
ਪਰਸੋਨਲ ਮੰਤਰਾਲੇ ਦੇ ਅਧੀਨ ਕੰਮ ਕਰਨ ਵਾਲੀ ਕੈਬਨਿਟ ਦੀ ਨਿਯੁਕਤੀ ਕਮੇਟੀ (ACC) ਨੇ ਵੀਰਵਾਰ ਨੂੰ ਕਈ ਸੀਨੀਅਰ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਨੂੰ ਮਨਜ਼ੂਰੀ ਦੇ ਦਿੱਤੀ। ਆਦੇਸ਼ ਅਨੁਸਾਰ, ਰਾਜਸਥਾਨ ਕੇਡਰ ਦੇ 1994 ਬੈਚ ਦੇ ਆਈਏਐੱਸ ਅਧਿਕਾਰੀ ਨਰੇਸ਼ ਪਾਲ ਗੰਗਵਾਰ ਹੁਣ ਸਿੱਖਿਆ ਮੰਤਰਾਲੇ ਦੇ ਅਧੀਨ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਦੀ ਭੂਮਿਕਾ ਨਿਭਾਉਣਗੇ। ਉਹ ਫਿਲਹਾਲ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।
ਇਸ ਦੌਰਾਨ ਮਣੀਪੁਰ ਕੇਡਰ ਦੇ 1992 ਬੈਚ ਦੇ ਆਈਏਐੱਸ ਅਧਿਕਾਰੀ ਵਿਨੀਤ ਜੋਸ਼ੀ ਨੂੰ ਪੰਚਾਇਤੀ ਰਾਜ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ 31 ਜੁਲਾਈ, 2026 ਨੂੰ ਸੇਵਾਮੁਕਤ ਹੋਣ ਵਾਲੇ ਵਿਵੇਕ ਭਾਰਦਵਾਜ ਤੋਂ ਅਹੁਦਾ ਸੰਭਾਲਣਗੇ। ਇਸ ਸਰਕਾਰੀ ਫੈਸਲੇ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਦਿੱਲੀ ਵਿੱਚ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਹਾਲਾਂਕਿ, ਸਰਕਾਰ ਨੇ ਇਸ ਨੌਕਰਸ਼ਾਹੀ ਫੇਰਬਦਲ ਨੂੰ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਨਾਲ ਜੋੜਨ ਦਾ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਹੈ। ਇਨ੍ਹਾਂ ਤਬਦੀਲੀਆਂ ਤੋਂ ਇਲਾਵਾ ਟੀ.ਕੇ. ਅਨਿਲ ਕੁਮਾਰ ਨੂੰ ਸਿੱਖਿਆ ਮੰਤਰਾਲੇ ਦੇ ਅਧੀਨ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਪਿਊਸ਼ ਗੋਇਲ ਨੂੰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦਾ ਸਕੱਤਰ-ਜਨਰਲ ਨਿਯੁਕਤ ਕੀਤਾ ਗਿਆ ਹੈ।
Share this content:



Post Comment