PSPCL ਦੇ CMD ਬਦਲੇ, ਗੁਰਕਿਰਤ ਕਿਰਪਾਲ ਸਿੰਘ ਨੂੰ ਬਣਾਇਆ ਮੁਖੀ
ਚੰਡੀਗੜ੍ਹ, 14 ਸਤੰਬਰ – ਪੰਜਾਬ ਵਿੱਚ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਪਤੀਆਂ ਅਤੇ ਕਿਸਾਨਾਂ ਵੱਲੋਂ ਖੋਲ੍ਹੇ ਗਏ ਮੋਰਚੇ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਪ੍ਰਸ਼ਾਸਨਿਕ ਸਕੱਤਰ ਅਤੇ ਸੀ.ਐੱਮ.ਡੀ. ਡਾ. ਬਸੰਤ ਗਰਗ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਨਵਾਂ ਮੁਖੀ ਤਾਇਨਾਤ ਕੀਤਾ ਹੈ। ਗੁਰਕੀਰਤ ਕਿਰਪਾਲ ਸਿੰਘ ਕੋਲ ਪਹਿਲਾਂ ਤੋਂ ਮੌਜੂਦ ਉਦਯੋਗ ਵਿਭਾਗ ਦੇ ਸਾਰੇ ਚਾਰਜ ਹੁਣ ਡਾ. ਬਸੰਤ ਗਰਗ ਨੂੰ ਸੌਂਪ ਦਿੱਤੇ ਗਏ ਹਨ। ਹਾਲਾਂਕਿ ਗੁਰਕੀਰਤ ਕਿਰਪਾਲ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੇ ਚੰਗੇ ਪ੍ਰਬੰਧਨ ਲਈ ਜਾਣਿਆ ਜਾਂਦਾ ਹੈ, ਪਰ ਸੂਬੇ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਭਾਰੀ ਘਾਟ ਨੂੰ ਦੇਖਦਿਆਂ ਬਿਜਲੀ ਵਿਭਾਗ ਨੂੰ ਮੁੜ ਲੀਹ ’ਤੇ ਲਿਆਉਣਾ ਉਨ੍ਹਾਂ ਲਈ ਇੱਕ ਵੱਡੀ ਚੁਣੌਤੀ ਹੋਵੇਗਾ।
ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਿਜਲੀ ਦੀ ਮੰਗ ਵਿੱਚ 3,500 ਮੈਗਾਵਾਟ ਦਾ ਵਾਧਾ ਹੋਇਆ ਹੈ, ਜੋ 16,000 ਮੈਗਾਵਾਟ ਤੱਕ ਪਹੁੰਚ ਗਈ ਹੈ। ਕੋਲੇ ਦੀ ਅਨਿਯਮਿਤ ਸਪਲਾਈ ਕਾਰਨ ਸੂਬੇ ਵਿੱਚ ਸਿਰਫ਼ 6,000 ਮੈਗਾਵਾਟ ਬਿਜਲੀ ਹੀ ਪੈਦਾ ਹੋ ਰਹੀ ਸੀ, ਜਿਸ ਕਾਰਨ ਸਰਕਾਰ ਵਧਦੀ ਮੰਗ ਨੂੰ ਪੂਰਾ ਕਰਨ ਵਿੱਚ ਅਸਮਰੱਥ ਰਹੀ। ਬਿਜਲੀ ਵਿਭਾਗ ਦੇ ਮੁਖੀ ਵਿੱਚ ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ ਖੇਤਾਂ ਨੂੰ ਪੂਰੀ ਬਿਜਲੀ ਨਾ ਮਿਲਣ ਕਰਕੇ ਕਿਸਾਨ ਵੱਖ-ਵੱਖ ਥਾਵਾਂ ’ਤੇ ਧਰਨੇ ਦੇ ਰਹੇ ਹਨ। ਦੂਜੇ ਪਾਸੇ, ਬਿਜਲੀ ਕੱਟਾਂ ਕਾਰਨ ਉਦਯੋਗਿਕ ਉਤਪਾਦਨ ਪ੍ਰਭਾਵਿਤ ਹੋਣ ਦਾ ਦੋਸ਼ ਲਗਾਉਂਦੇ ਹੋਏ ਉਦਯੋਗਪਤੀਆਂ ਨੇ ਵੀ ਅੱਜ ਦੁਪਹਿਰ ਲੁਧਿਆਣਾ-ਚੰਡੀਗੜ੍ਹ ਹਾਈਵੇਅ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ। ਸਰਕਾਰ ਦਾ ਲਗਾਤਾਰ ਇਹ ਦਾਅਵਾ ਰਿਹਾ ਹੈ ਕਿ ਕੇਂਦਰ ਵੱਲੋਂ ਥਰਮਲ ਪਲਾਂਟਾਂ ਨੂੰ ਲੋੜੀਂਦਾ ਕੋਲਾ ਨਾ ਮਿਲਣ ਕਾਰਨ ਇਹ ਬਿਜਲੀ ਕੱਟ ਲਗਾਉਣੇ ਪਏ ਹਨ। ਇਸ ਦੌਰਾਨ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੁਧਿਆਣਾ ਵਿਖੇ ਐਲਾਨ ਕੀਤਾ ਹੈ ਕਿ ਮੰਗਲਵਾਰ ਤੋਂ ਸੂਬੇ ਵਿੱਚ ਕੋਈ ਬਿਜਲੀ ਕੱਟ ਨਹੀਂ ਲੱਗੇਗਾ।
Share this content:



Post Comment