Loading Now

SIR ਤਹਿਤ ਜ਼ਿਲ੍ਹੇ ’ਚ ਘਰ-ਘਰ ਸਰਵੇਖਣ ਜਾਰੀ

SIR ਤਹਿਤ ਜ਼ਿਲ੍ਹੇ ’ਚ ਘਰ-ਘਰ ਸਰਵੇਖਣ ਜਾਰੀ

ਜਲੰਧਰ, 29 ਜੂਨ – 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ) ਮੁਹਿੰਮ ਲਗਾਤਾਰ ਜਾਰੀ ਹੈ। ਇਸ ਪ੍ਰਕਿਰਿਆ ਤਹਿਤ, ਸੂਬੇ ਭਰ ‘ਚ ਵੋਟਰ ਰਿਕਾਰਡਾਂ ਦੀ ਤਸਦੀਕ ਤੇ ਡਾਟਾ ਅਪਡੇਟ ਕੀਤਾ ਜਾ ਰਿਹਾ ਹੈ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਦਾ ਉਦੇਸ਼

ਇਸ ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਸਰਵੇਖਣ ਦੌਰਾਨ ਬੀ.ਐਲ.ਓਜ਼ ਵੱਲੋਂ ਯੋਗ ਵੋਟਰਾਂ ਨੂੰ ਗਣਨਾ (ਇਨੂਮੀਰੇਸ਼ਨ) ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਆਪਣੇ ਨਿੱਜੀ ਵੇਰਵਿਆਂ ਦੀ ਤਸਦੀਕ ਕਰ ਸਕਣ ਅਤੇ ਲੋੜੀਂਦੀ ਜਾਣਕਾਰੀ ਭਰ ਕੇ ਵਾਪਸ ਜਮ੍ਹਾਂ ਕਰਵਾ ਸਕਣ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਚੋਣ ਕਮਿਸ਼ਨ ਦੀ ਕੀਤੀ ਸਲਾਘਾ

ਇਸੇ ਕੜੀ ਤਹਿਤ ਅੱਜ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਬੰਧਤ ਬੀ.ਐਲ.ਓ. ਵੱਲੋਂ ਇਨੂਮੀਰੇਸ਼ਨ ਫਾਰਮ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਨੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਸਮੇਂ ਸਿਰ ਫਾਰਮ ਭਰਨ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ਤੋਂ ਵਾਂਝਾ ਨਾ ਰਹਿ ਜਾਵੇ।

ਜ਼ਿਕਰਯੋਗ ਹੈ ਕਿ ਘਰ-ਘਰ ਸਰਵੇਖਣ ਦੀ ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਡਰਾਫਟ ਸੂਚੀ ‘ਤੇ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ, ਜਦਕਿ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੂਹ ਯੋਗ ਵੋਟਰਾਂ ਨੂੰ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਆਪਣੇ ਵੋਟਰ ਵੇਰਵਿਆਂ ਦੀ ਸਮੇਂ ਸਿਰ ਤਸਦੀਕ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਅਪਡੇਟ ਬਣਾਇਆ ਜਾ ਸਕੇ।

Share this content:

Post Comment