ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ “ਵੋਟਰ ਸੂਚੀਆਂ ਦੀ ਸਮੀਖਿਆ ਇੱਕ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਪ੍ਰਕਿਰਿਆ ਦੌਰਾਨ ਕਈ ਥਾਵਾਂ ’ਤੇ ਯੋਗ ਵੋਟਰਾਂ ਦੇ ਨਾਮ ਕੱਟੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਇਸ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।”
“ਜਾਂਚ ਕਰਕੇ ਵੋਟ ਬਹਾਲ ਕੀਤੀ ਜਾਣੀ ਚਾਹੀਦੀ ਹੈ”
ਕਿਸਾਨ ਆਗੂ ਬਲੌਰ ਸਿੰਘ ਨੇ “ਵੋਟਰ ਸੂਚੀਆਂ ਦੀ ਸਮੀਖਿਆ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਗਲਤ ਤਰੀਕੇ ਨਾਲ ਕੱਟਿਆ ਗਿਆ ਹੈ ਤਾਂ ਉਸ ਦੀ ਜਾਂਚ ਕਰਕੇ ਵੋਟ ਬਹਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਨਾਲ ਸਬੰਧਤ ਵਿਵਾਦਾਂ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਸਾਰੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਹੋਵੇ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਅਸਤੀਫ਼ੇ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੱਥੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਾਬਤ ਹੋਣ, ਉੱਥੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।”
“ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦੇਣ ਦਾ ਸੱਦਾ ਦਿੱਤਾ”
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਆਗੂ ਭੁਪਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦੇਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸਿਰਫ਼ ਕਿਸਾਨੀ ਮਸਲਿਆਂ ਹੀ ਨਹੀਂ, ਸਗੋਂ ਲੋਕਾਂ ਦੇ ਲੋਕਤੰਤਰੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਆਵਾਜ਼ ਉਠਾ ਰਹੀਆਂ ਹਨ। ਉਨ੍ਹਾਂ ਦਿੱਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਹਮਾਇਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਸਬੰਧੀ ਉੱਠ ਰਹੇ ਸਵਾਲਾਂ ਦਾ ਜਵਾਬ ਦਿੱਤਾ ਜਾਵੇ ਅਤੇ ਸਮੀਖਿਆ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ।
“ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੀ ਵੋਟ ਦਾ ਸੁਰੱਖਿਅਤ ਰਹਿਣਾ ਬੇਹੱਦ ਜ਼ਰੂਰੀ”
ਕਿਸਾਨ ਆਗੂਆਂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੀ ਵੋਟ ਦਾ ਸੁਰੱਖਿਅਤ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਕਥਿਤ ਤੌਰ ’ਤੇ ਕੱਟੀਆਂ ਗਈਆਂ ਵੋਟਾਂ ਦੀ ਮੁੜ ਜਾਂਚ ਕਰਵਾਈ ਜਾਵੇ, ਯੋਗ ਵੋਟਰਾਂ ਦੇ ਨਾਮ ਬਹਾਲ ਕੀਤੇ ਜਾਣ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇ।ਧਰਨੇ ਦੇ ਅੰਤ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਦਿੱਤਾ ਗਿਆ।
Post Comment