ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 6 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਕਾਰੀ ਨੌਕਰੀਆਂ 100 ਫੀਸਦੀ ਸਿਰਫ ਪੰਜਾਬੀਆਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ ਅਤੇ ਜ਼ੋਰ ਦੇ ਕੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਵਾਸਤੇ ਉਮਰ ਕੈਦ ਦੀ ਸਜ਼ਾ ਦੇਣ ਲਈ ਕਾਨੂੰਨ ਲਿਆਂਦਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਇਥੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਬਾਹਰ ਲਗਾਏ ਭਵਿੱਖ ਬਚਾਓ ਮੋਰਚੇ ਵਿਚ ਵਿਦਿਆਰਥੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਥੇ ਵਿਦਿਆਰਥੀਆਂ, ਜੋ 10 ਪੇਪਰ ਲੀਕ ਵਾਸਤੇ ਮੰਤਰੀ ਹਰਜੋਤ ਬੈਂਸ ਤੇ ਡਾ. ਬਲਬੀਰ ਸਿੰਘ ਦਾ ਅਸਤੀਫਾ ਮੰਗਣ ਦੇ ਨਾਲ-ਨਾਲ ਜਵਾਬਦੇਹੀ ਤੈਅ ਕਰਨ ਦੀ ਮੰਗ ਕਰ ਰਹੇ ਸਨ, ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਸਾਰੀਆਂ ਨਵੀਂਆਂ ਨੌਕਰੀਆਂ ਵਿਚੋਂ ਅੱਧੀਆਂ ਪੰਜਾਬ ਤੋਂ ਬਾਹਰਲਿਆਂ ਨੂੰ ਦੇ ਕੇ ਗੰਭੀਰ ਪਾਪ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਅਜਿਹਾ ਰਾਜਸਥਾਨ ਤੇ ਹਰਿਆਣਾ ਵਿਚ ਆਪ ਦਾ ਪਸਾਰ ਕਰਨ ਵਾਸਤੇ ਕੀਤਾ ਹੈ। ਉਹਨਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਪੰਜਾਬ ਵਿਚ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦੇਣ ਵਾਸਤੇ ਐਕਟ ਲਿਆਂਦਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਵਿਰੋਧੀ ਆਪ ਸਰਕਾਰ ਨੂੰ ਸੱਤਾ ਵਿਚੋਂ ਬਾਹਰ ਕਰਨ ਵਾਸਤੇ ਲੋਕਾਂ ਦੀ ਲਹਿਰ ਸਿਰਜਣ ਅਤੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਪ੍ਰੀਖਿਆ ਪੇਪਰ ਲੀਕ ਕਰਨ ਦੇ ਮਾਮਲੇ ਵਿਚ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਸਤੇ ਕਾਨੂੰਨ ਲਿਆਵੇਗੀ ਕਿਉਂਕਿ ਅਜਿਹੇ ਲੋਕ ਸਿਰਫ ਸਾਡੇ ਬੱਚਿਆਂ ਦੀਆਂ ਜਾਨਾਂ ਨਾਲ ਖੇਡਦੇ ਹਨ। ਉਹਨਾਂ ਕਿਹਾ ਕਿ ਅਸੀਂ ਦਰੁੱਸਤੀ ਭਰੇ ਕਦਮ ਚੁੱਕਣ ਵਾਸਤੇ ਵਚਨਬੱਧ ਹਾਂ ਤਾਂ ਜੋ ਭਵਿੱਖ ਵਿਚ ਕੋਈ ਵੀ ਪੇਪਰ ਲੀਕ ਨਾ ਹੋਵੇ।
ਪੰਜਾਬ ਵਿਚ ਆਪ ਸਰਕਾਰ ਦੇ ਰਾਜ ਵਿਚ ਪੇਪਰ ਲੀਕ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਮਹੀਨੇ ਹੋਏ ਫਾਰਮੇਸੀ ਅਫਸਰਾਂ ਦੇ ਪੇਪਰ ਲੀਕ ਸਮੇਤ ਕੁੱਲ 10 ਪੇਪਰ ਲੀਕ ਘਟਨਾਵਾਂ ਵਾਪਰੀਆਂ ਹਨ। ਉਹਨਾਂ ਕਿਹਾ ਕਿ ਬਜਾਏ ਆਪਣੀ ਗਲਤੀ ਮੰਨਣ ਅਤੇ ਦੋਸ਼ੀ ਮੰਤਰੀਆਂ ਨੂੰ ਬਰਖ਼ਾਸਤ ਕਰ ਕੇ ਦਰੁੱਸਤੀ ਭਰੇ ਕਦਮ ਚੁੱਕਣ ਦੇ ਆਪ ਸਰਕਾਰ ਹਰ ਮਾਮਲੇ ਵਿਚ ਇਨਕਾਰੀ ਹੋ ਰਹੀ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਗੁਰੂ ਦੋਖੀ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿਚ ਕੋਈ ਪੇਪਰ ਲੀਕ ਨਹੀਂ ਹੋਇਆ ਜਦੋਂ ਕਿ ਮਾਰਚ 2023 ਵਿਚ ਮੁੱਖ ਮੰਤਰੀ ਖੁਦ ਮੰਨ ਚੁੱਕੇ ਹਨ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਪੇਪਰ ਲੀਕ ਹੋਇਆ ਸੀ। ਉਹਨਾਂ ਨੇ ਮੁੱਖ ਮੰਤਰੀ ਦੀ ਇਸ ਗੱਲੋਂ ਵੀ ਨਿਖੇਧੀ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਦੀ ਸੂਝ ਬੂਝ ਦਾ ਇਹ ਕਹਿ ਕੇ ਅਪਮਾਨ ਕਰ ਰਹੇ ਹਨ ਕਿ
ਫਾਰਮੇਸੀ ਪੇਪਰ ਲੀਕ ਨਹੀਂ ਹੋਇਆ ਬਲਕਿ ਇਹ ਨਕਲ ਦਾ ਮਾਮਲਾ ਸੀ ਜਦੋਂ ਕਿ ਅਸਲੀਅਤ ਵਿਚ ਪ੍ਰੀਖਿਆ ਕੇਂਦਰਾਂ ਵਿਚੋਂ ਪੇਪਰ ਲੀਕ ਕਰਨ ਵਾਸਤੇ ਅਤਿ ਆਧੁਨਿਕ ਯੰਤਰ ਵਰਤੇ ਗਏ। ਸਰਕਾਰੀ ਤੇ ਪ੍ਰਾਈਵੇਟ ਸੈਕਟਰ ਵਿਚ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਲੋੜ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਆਈ ਟੀ ਇੰਡਸਟਰੀ ਸਮੇਤ ਸਾਰੀ ਪ੍ਰਾਈਵੇਟ ਇੰਡਸਟਰੀ ਵਿਚ ਨੌਕਰੀਆਂ ਵਿਚ ਪੰਜਾਬੀਆਂ ਨੂੰ 75 ਫੀਸਦੀ ਰਾਖਵਾਂਕਰਨ ਮਿਲੇ। ਉਹਨਾਂ ਕਿਹਾ ਕਿ ਅਸੀਂ ਇਹਨਾਂ ਹਦਾਇਤਾਂ ਦੀ ਪਾਲਣਾ ਵਾਸਤੇ ਢੁਕਵੇਂ ਹਾਲਾਤ ਬਣਾਵਾਂਗੇ ਤੇ ਪੰਜਾਬੀਆਂ ਲਈ 75 ਫੀਸਦੀ ਰਾਖਵਾਂਕਰਨ ਨਾ ਦੇਣ ਵਾਲਿਆਂ ਨੂੰ ਨਾ ਤਾਂ ਸਸਤੀ ਬਿਜਲੀ ਮਿਲੇਗੀ ਤੇ ਨਾ ਹੀ ਹੋਰ ਸਹੂਲਤਾਂ ਮਿਲਣਗੀਆਂ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਦਾ ਖਾਕਾ ਤਿਆਰ ਕੀਤਾ ਹੈ ਬਲਕਿ ਉਹਨਾਂ ਨੂੰ ਹੁਨਰਮੰਦ ਵੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਕ ਵਾਰ ਅਸੀਂ ਸੱਤਾ ਵਿਚ ਆਏ ਤਾਂ ਵਰਲਡ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਾਂਗੇ ਜੋ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਕੰਮ ਕਰੇਗੀ। ਉਹਨਾਂ ਕਿਹਾ ਕਿ ਮੈਂ ਟਾਟਾ, ਇਨਫੋਸਿਸ ਤੇ ਮਹਿੰਦਰਾ ਐਂਡ ਮਹਿੰਦਰਾ ਸਮੇਤ ਵੱਡੀਆਂ ਕੰਪਨੀਆਂ ਨਾਲ ਗੱਲਬਾਤ ਕੀਤੀ ਹੈ ਜੋ ਸਾਡੇ ਨੌਜਵਾਨਾਂ ਨੂੰ ਸਿੱਖਲਾਈ ਦੇਣਗੀਆਂ ਤਾਂ ਜੋ ਉਹਨਾਂ ਨੂੰ ਇਹਨਾਂ ਕੰਪਨੀਆਂ ਵਿਚ ਰੋਜ਼ਗਾਰ ਮਿਲ ਸਕੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਉਦਮੀ ਬਣਾਉਣ ਵਾਸਤੇ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਦੇਵਾਂਗੇ ਤਾਂ ਜੋ ਉਹ ਆਪਣੇ ਉਦਮ ਸ਼ੁਰੂ ਕਰ ਸਕਣ।
Share this content:



Post Comment