Loading Now

ਅਕਾਲੀ ਦਲ ਨੇ ਸੁਖਬੀਰ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਅਕਾਲੀ ਦਲ ਨੇ ਸੁਖਬੀਰ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਅੰਮ੍ਰਿਤਸਰ, 14 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅੱਜ ਨਾਂਦੇੜ ਵਿੱਚ ਹਮਲੇ ਦੀ ਪੰਜਾਬ ਦੀਆਂ ਵੱਖ-ਵੱਖ ਸਿਆਸੀ ਧਿਰਾਂ ਨੇ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਜਦੋਂ ਵੀ ਅਕਾਲੀ ਦਲ ਦੀ ਚੜ੍ਹਤ ਹੁੰਦੀ ਹੈ ਤਾਂ ਅਜਿਹੀਆਂ ਵਿਰੋਧੀ ਤਾਕਤਾਂ ਪੰਥ ਨੂੰ ਆਗੂ ਵਿਹੂਣਾ ਬਣਾਉਣ ਲਈ ਅਜਿਹੇ ਘਿਨੌਣੇ ਹਮਲੇ ਸ਼ੁਰੂ ਕਰ ਦਿੰਦੀਆਂ ਹਨ। ਇਸ ਮਾਮਲੇ ’ਚ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਤੇ ਅਪਰਾਧ ਪਿਛਲੀ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਹੋਵੇ।

ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਰਬਾਰ ਸਾਹਿਬ ਕੰਪਲੈਕਸ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਸੀ। ਜੇ ਉਸ ਵੇਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਮੰਗ ਕੀਤੀ ਕਿ ਅੱਜ ਦੇ ਮਾਮਲੇ ਦੀ ਜਾਂਚ ਸਣੇ ਅੰਮ੍ਰਿਤਸਰ ਹਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਅਸਲ ਸਾਜ਼ਿਸ਼ ਬਾਰੇ ਪਤਾ ਲਾਇਆ ਜਾ ਸਕੇ। ਉਨ੍ਹਾਂ ‘ਆਪ’ ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਇਸ ਹਮਲੇ ਨੂੰ ਬਰਗਾੜੀ ਤੇ ਬਹਿਬਲ ਕਲਾਂ ਕੇਸਾਂ ਨਾਲ ਜੋੜ ਕੇ ਇਸ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਆਗੂਆਂ ਨੇ ਪੰਜਾਬੀਆਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਸੰਗਤ ਦੀਆਂ ਭਾਵਨਾਵਾਂ ਸਮਝੇ ਅਕਾਲੀ ਦਲ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ।

ਭਾਜਪਾ ਵੱਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਜ਼ਮ ਅਤੇ ਹਮਲੇ ਪਿੱਛੇ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਬੇਅਦਬੀ ਦੀਆਂ ਘਟਨਾਵਾਂ ਕਾਰਨ ਸੰਗਤ ’ਚ ਰੋਸ: ਵੜਿੰਗ

ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਸੰਗਤ ਵਿੱਚ ਬੇਅਦਬੀ ਦੀਆਂ ਘਟਨਾਵਾਂ ਕਾਰਨ ਹਾਲੇ ਵੀ ਰੋਸ ਹੈ ਪਰ ਰਾਜਸੀ ਗੁੱਸੇ ਨੂੰ ਹਿੰਸਕ ਰੂਪ ਦੇਣਾ ਠੀਕ ਨਹੀਂ।

ਮਜੀਠੀਆ ਨੇ ਹਮਲਿਆਂ ਦੀ ਸੀ ਬੀ ਆਈ ਜਾਂਚ ਮੰਗੀ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਕੋਲੋਂ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਅੱਜ ਪ੍ਰੈਸ ਕਾਨਫਰੰਸ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਸੁਰੱਖਿਅਤ ਅਤੇ ਠੀਕ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਅੱਜ ਅਤੇ ਦਸੰਬਰ 2024 ਵਿੱਚ ਹਰਿਮੰਦਰ ਸਾਹਿਬ ਕੈਂਪਸ ਵਿੱਚ ਹੋਏ ਜਾਨਲੇਵਾ ਹਮਲੇ ਦੇ ਦੋਵਾਂ ਮਾਮਲਿਆਂ ਵਿੱਚ ਸੀ ਬੀ ਆਈ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਹੁਣ ਵੀ ਇਸ ਮਾਮਲੇ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਭਵਿੱਖ ਵਿੱਚ ਮੁੜ ਜਾਨਲੇਵਾ ਹਮਲਾ ਹੋ ਸਕਦਾ ਹੈ। ਉਨ੍ਹਾਂ ਇਸ ਹਮਲੇ ਨੂੰ ਬੇਅਦਬੀ ਘਟਨਾਵਾਂ ਨਾਲ ਜੋੜਨ ਤੋਂ ਇਨਕਾਰ ਕੀਤਾ ਹੈ।

ਲੋਕਾਂ ’ਚ ਸੁਖਬੀਰ ਬਾਦਲ ਖ਼ਿਲਾਫ਼ ਰੋਸ: ਗਿਆਨੀ ਰਘਬੀਰ ਸਿੰਘ

ਅੰਮਿ੍ਤਸਰ (ਨਿੱਜੀ ਪੱਤਰ ਪ੍ਰੇਰਕ): ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕੈਂਪਸ ਵਿੱਚ ਕਿਸੇ ’ਤੇ ਹਮਲਾ ਕਰਨਾ ਉਚਿਤ ਨਹੀਂ ਹੈ ਪਰ ਇਹ ਲੋਕਾਂ ਦਾ ਸੁਖਬੀਰ ਸਿੰਘ ਬਾਦਲ ਪ੍ਰਤੀ ਰੋਸ ਹੈ। ਮਾਮਲੇ ਵਿੱਚ ਉਨ੍ਹਾਂ ਨੂੰ ਸਵੈ ਚਿੰਤਨ ਕਰਨਾ ਚਾਹੀਦਾ ਹੈ।

Share this content:

Post Comment