ਅਧਿਆਪਕ ਜਥੇਬੰਦੀਆਂ ਵੱਲੋਂ ਗੈਰ-ਵਿਦਿਅਕ ਕੰਮਾਂ ਦੇ ਮੁਕੰਮਲ ਬਾਈਕਾਟ ਦਾ ਐਲਾਨ
ਅੰਮ੍ਰਿਤਸਰ,17 ਸਤੰਬਰ – ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਤੇ ਸੈਕੰਡਰੀ ਨੂੰ ਨੋਟਿਸ ਪੱਤਰ ਭੇਜ ਕੇ ਅਧਿਆਪਕਾਂ ’ਤੇ ਪਾਏ ਜਾ ਰਹੇ ਗੈਰ-ਵਿਦਿਅਕ ਕੰਮਾਂ ਦੇ ਭਾਰ ਸਬੰਧੀ ਜਾਣੂ ਕਰਵਾਇਆ ਗਿਆ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸਕੂਲਾਂ ਦੇ ਅੰਦਰ ਅਤੇ ਬਾਹਰ ਲਗਾਤਾਰ ਗੈਰ-ਵਿਦਿਅਕ ਡਿਊਟੀਆਂ ਲਗਾਏ ਜਾਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਚੱਲਦਿਆਂ ਸਮੁੱਚਾ ਅਧਿਆਪਕ ਵਰਗ ਗੈਰ-ਵਿਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਜਾ ਰਿਹਾ ਹੈ।
ਅਧਿਆਪਕ ਜਥੇਬੰਦੀਆਂ ਦੇ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂ, ਅਸ਼ਵਨੀ ਅਵਸਥੀ, ਸੁੱਚਾ ਸਿੰਘ ਟਰਪਈ, ਸੰਤਸੇਵਕ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਰਿਆੜ, ਗੁਰਿੰਦਰ ਸਿੰਘ ਘੁੱਕੇਵਾਲੀ, ਸੁਖਵਿੰਦਰ ਸਿੰਘ ਮਾਨ, ਪ੍ਰਸ਼ਾਂਤ ਰਈਆ, ਰਕੇਸ਼ ਧਵਨ ਅਤੇ ਅਰਜਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪੰਜਾਬ ਪੱਧਰੀ ਸਮੂਹ ਅਧਿਆਪਕ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਅਧਿਆਪਕਾਂ ਅਤੇ ਸਕੂਲ ਮੁਖੀਆਂ ’ਤੇ ਜ਼ਬਰੀ ਥੋਪੇ ਜਾਂਦੇ ਗੈਰ-ਵਿਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਨ੍ਹਾਂ ਵਿੱਚ ਬੇਲੋੜੀਆਂ ਡਾਕਾਂ ਤਿਆਰ ਕਰਨਾ, ਗੂਗਲ ਫਾਰਮ ਭਰਨਾ, ਵੱਖ-ਵੱਖ ਆਨਲਾਈਨ ਪੋਰਟਲਾਂ ’ਤੇ ਬੇਲੋੜੇ ਅੰਕੜੇ ਦਰਜ ਕਰਨਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਬੁਲਾ ਕੇ ਵੱਖ-ਵੱਖ ਸਰਵੇਖਣਾਂ ਦੀਆਂ ਡਿਊਟੀਆਂ ਲਗਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਹੁਣ ਆਪਣਾ ਪੂਰਾ ਧਿਆਨ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੇ ਮੁੱਖ ਕਾਰਜ ’ਤੇ ਕੇਂਦਰਿਤ ਕਰਨਗੇ ਅਤੇ ਅੱਗੇ ਤੋਂ ਲਗਾਏ ਜਾਣ ਵਾਲੇ ਨਵੇਂ ਗੈਰ-ਵਿਦਿਅਕ ਕੰਮਾਂ ਦਾ ਵੀ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਰੁਕੇ ਮਿਡ-ਡੇ ਮੀਲ ਦੇ ਫੰਡਾਂ ਤੋਂ ਇਲਾਵਾ ਸਕੂਲੀ ਖੇਡਾਂ ਅਤੇ ਸਕੂਲਾਂ ਦੀ ਸਫਾਈ ਲਈ ਲੋੜੀਂਦੇ ਫੰਡ ਇੱਕ ਹਫ਼ਤੇ ਦੇ ਅੰਦਰ ਜਾਰੀ ਨਾ ਕੀਤੇ ਗਏ ਤਾਂ ਇਹ ਤਿੰਨੇ ਕੰਮ ਵੀ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਡ-ਡੇ ਮੀਲ ਲਈ ਬੇਲੋੜੇ ਜੀਐੱਸਟੀ ਬਿੱਲ ਵੀ ਨਹੀਂ ਦਿੱਤੇ ਜਾਣਗੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਅਧਿਆਪਕ ਆਪਣੀਆਂ ਜੇਬਾਂ ਵਿੱਚੋਂ ਪੈਸਾ ਖਰਚ ਕਰਕੇ ਮਿਡ-ਡੇ ਮੀਲ ਦਾ ਕੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਹੋਰ ਅੱਗੇ ਜਾਰੀ ਰੱਖਣਾ ਹੈ ਜਾਂ ਨਹੀਂ, ਹੁਣ ਅਗਲੇ ਇੱਕ ਹਫ਼ਤੇ ਬਾਅਦ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਪ੍ਰੀਖਿਆਵਾਂ ਦੇ ਇਨ੍ਹਾਂ ਦਿਨਾਂ ਦੌਰਾਨ ਅਧਿਆਪਕਾਂ ’ਤੇ ਕਿਸੇ ਕਿਸਮ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵਿਦਿਆਰਥੀਆਂ ਦੀ ਹਿੱਸੇਦਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਸਵੈ-ਇੱਛੁਕ ਰੱਖਣ ’ਤੇ ਪਹਿਰਾ ਦਿੱਤਾ ਜਾਵੇਗਾ।
Share this content:



Post Comment