ਅੰਮ੍ਰਿਤਸਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿੱਚ ਕੀਰਤਨ ਅਤੇ ਦਰਬਾਰ

ਅੰਮ੍ਰਿਤਸਰ, 17 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ। ਜਿਕਰਯੋਗ ਹੈ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀ਼ ਦਿਨੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਬਾਰੇ ਸ਼ਰਧਾਲੂਆਂ ਨੂੰ ਜਾਣੂੰ ਕਰਵਾਉਣ ਲਈ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਉਤੇ ਕੀਰਤਨ ਦਰਬਾਰ ਅਤੇ ਦੀਵਾਨ ਸਜਾਏ ਜਾ ਰਹੇ ਹਨ, ਜਿਸ ਤਹਿਤ ਅੱਜ ਇਹ ਕੀਰਤਨ ਸਮਾਗਮ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਮਨਦੀਪ ਕੌਰ ਅਤੇ ਐਸਡੀਐਮ ਸ੍ਰੀ ਗੁਰਸਿਮਰਨ ਸਿੰਘ ਨੇ ਆਪਣੀ ਟੀਮ ਨਾਲ ਸੇਵਾ ਕਰਕੇ ਸਮਾਗਮ ਨੇਪਰੇ ਚਾੜਿਆ। ਸਮਾਗਮ ਦੌਰਾਨ ਭਾਈ ਜਤਿੰਦਰ ਸਿੰਘ ਭਰਤਗੜ੍ਹ ਵਾਲਿਆਂ ਦੇ ਜੱਥੇ ਨੇ ਢਾਡੀ ਵਾਰਾਂ ਸੁਣਾ ਕੇ ਅਤੇ ਕੀਰਤਨ ਦਰਬਾਰ ਦੌਰਾਨ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਤਾਰ ਬਲਬੀਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਬਾਣੀ ਸਿਮਰਨ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼ਹੀਦ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਵੱਲੋਂ ਧਰਮ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਸਰਬਉਚ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਗੁਰੂ ਸਾਹਿਬ ਦੀ ਯਾਦ ਵਿੱਚ 20 ਨਵੰਬਰ ਨੂੰ ਮਹਿਤਾ ਚੌਂਕ ਰਸਤੇ ਅੰਮ੍ਰਿਤਸਰ ਵਿੱਚ ਵਿਸ਼ੇਸ਼ ਨਗਰ ਕੀਰਤਨ ਦਾਖਲ ਹੋਵੇਗਾ, ਜੋ ਕਿ ਰਾਤ ਦੇ ਠਹਿਰਾਓ ਉਪਰੰਤ 21 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਕੂਚ ਕਰੇਗਾ। ਉਹਨਾਂ ਇਸ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਸਾਰਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਐਸ ਪੀ ਸ ਹਰਪਾਲ ਸਿੰਘ, ਐਸਡੀਐਮ ਸ ਗੁਰਸਿਮਰਨ ਸਿੰਘ ਅਤੇ ਸ ਮਨਕੰਵਲ ਸਿੰਘ ਚਾਹਲ, ਨਗਰ ਕੌਂਸਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ ਸੁਰਜੀਤ ਸਿੰਘ ਕੰਗ, ਸ੍ਰੀ ਤੀਰਥ ਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ ਕੰਵਲਜੀਤ ਸਿੰਘ, ਸ੍ਰੀ ਪ੍ਰਣਵ ਧਵਨ, ਸ ਜਸਪ੍ਰੀਤ ਸਿੰਘ, ਸ੍ਰੀ ਸਤਪਾਲ ਸੋਖੀ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ।
Share this content:



Post Comment