ਆਪ ਨੇ ਸਕੂਲਾਂ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਨੂੰ ਕਾਬੂ ਕਰਨ ਦਾ ਕੀਤਾ ਦਾਅਵਾ
ਅੰਮ੍ਰਿਤਸਰ, 22 ਮਈ – ਪੰਜਾਬ ਵਿੱਚ ਰਾਜਕਰਤਾ ਧਿਰ ਦੇ ਆਪ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ, ਦਹਿਸ਼ਤ ਫੈਲਾਉਣ ਜਾਂ ਸਾਈਬਰ ਅਪਰਾਧਾਂ ਰਾਹੀਂ ਲੋਕਾਂ ਵਿੱਚ ਡਰ ਪੈਦਾ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
‘ਸਾਈਬਰ ਅੱਤਵਾਦ ਨਾਲ ਜੁੜੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼’
ਧਾਲੀਵਾਲ ਨੇ ਅੰਮ੍ਰਿਤਸਰ ਪੁਲਿਸ ਅਤੇ ਪੰਜਾਬ ਪੁਲਿਸ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ “ਹਾਲ ਹੀ ਵਿੱਚ ਸਾਈਬਰ ਅੱਤਵਾਦ ਨਾਲ ਜੁੜੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੱਛਮੀ ਬੰਗਾਲ ਤੋਂ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ਼ ਉਡਾਉਣ ਦੀਆਂ ਧਮਕੀਆਂ ਦੇਣ ਵਾਲ਼ਾ ਮੁੱਖ ਸਾਈਬਰ ਅਪਰਾਧੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਪੱਛਮੀ ਬੰਗਾਲ ਤੋਂ ਗਿਰੋਹ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ, ਜੋ ਵੱਖ-ਵੱਖ ਸੂਬਿਆਂ ਅਤੇ ਕੁਝ ਵਿਦੇਸ਼ੀ ਸੰਪਰਕਾਂ ਰਾਹੀਂ ਈਮੇਲਾਂ ਅਤੇ ਸੋਸ਼ਲ ਮੀਡੀਆ ਮਾਧਿਅਮਾਂ ਰਾਹੀਂ ਧਮਕੀਆਂ ਦੇ ਕੇ ਦਹਿਸ਼ਤ ਫੈਲਾਉਣ ਦਾ ਕੰਮ ਕਰਦਾ ਸੀ। ਸਾਈਬਰ ਅੱਤਵਾਦ ਨਾਲ ਨਜਿੱਠਣਾ ਬਹੁਤ ਮੁਸ਼ਕਲ ਕੰਮ ਹੈ ਪਰ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
‘ਕੁਲਦੀਪ ਧਾਲੀਵਾਲ ਨੇ ਘੇਰੀ ਕੇਂਦਰ ਸਰਕਾਰ’
ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਬਾਰਡਰ ’ਤੇ ਐਂਟੀ-ਡਰੋਨ ਸਿਸਟਮ ਦੀ ਲੋੜ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀ ਤਕਨੀਕੀ ਸਹਾਇਤਾ ਨਹੀਂ ਦਿੱਤੀ ਗਈ, ਜਦਕਿ ਪੰਜਾਬ ਸਰਕਾਰ ਅਤੇ ਪੁਲਿਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ।
NEET ਪੇਪਰ ਲੀਕ ਮਾਮਲੇ ‘ਤੇ ਬੋਲੇ ਧਾਲੀਵਾਲ
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਧਾਲੀਵਾਲ ਨੇ NEET ਪੇਪਰ ਲੀਕ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸ ਘਪਲੇ ਦੀ ਪੂਰੀ ਜਾਂਚ ਹੋਵੇ।
Share this content:



Post Comment