Loading Now

‘ਆਪ’ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

‘ਆਪ’ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

ਅੰਮ੍ਰਿਤਸਰ, 17 ਅਕੂਤਬਰ – ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ। ਇਸ ਦੌਰਾਨ ਵਿਧਾਇਕਾਂ ਨੇ ਪਾਇਲ ਤੋਂ  ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਜਾਤੀਗਤ ਵਿਤਕਰੇ ਨੂੰ ਲੈ ਕੇ ਦਿੱਤੇ ਬਿਆਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਬਿਆਨ ਨਾਲ ਸਹਿਮਤ ਨਹੀਂ ਹਨ। ਇਹ ਉਨ੍ਹਾਂ ਦਾ ਨਿੱਜੀ ਵਿਚਾਰ ਸੀ। ਦਰਅਸਲ, 12 ਅਕਤੂਬਰ ਨੂੰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਜਾਤੀਗਤ ਵਿਤਕਰੇ ਨੂੰ ਲੈ ਕੇ ਬਿਆਨ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਸਿੱਖ ਸੰਸਥਾਵਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਵੀ ਆਰੋਪ ਲੱਗੇ ਸਨ।

ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ‘ਤੇ ਅੱਜ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸਕੱਤਰੇਤ ਵਿਖੇ ਪੇਸ਼ ਹੋਏ। ਵਿਧਾਇਕਾਂ ਨੇ ਆਪਣੀ ਗ਼ਲਤੀ ਸਵੀਕਾਰ ਕਰਦਿਆਂ ਕਿਹਾ ਕਿ 12 ਅਕਤੂਬਰ ਨੂੰ ਉਨ੍ਹਾਂ ਦੇ ਸਾਹਮਣੇ ਜਾਤੀਗਤ ਵਿਤਕਰੇ ਬਾਰੇ ਗੱਲ ਕੀਤੀ ਗਈ ਸੀ ਪਰ ਉਨ੍ਹਾਂ ਨੇ ਉਸੇ ਸਮੇਂ ਮੀਡੀਆ ਸਾਹਮਣੇ ਇਸ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਆਪਣਾ ਪੱਖ ਸਪੱਸ਼ਟ ਕੀਤਾ। ਵਿਧਾਇਕਾਂ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸੇ ਵੀ ਵਿਅਕਤੀ ਨੂੰ ਜਾਤ, ਨਸਲ ਜਾਂ ਰੰਗ ਦੇ ਆਧਾਰ ‘ਤੇ ਆਉਣ ਤੋਂ ਕਦੇ ਨਹੀਂ ਰੋਕਿਆ ਗਿਆ।

ਕੀ ਹੈ ਪੂਰਾ ਮਾਮਲਾ?

10 ਅਕਤੂਬਰ 2026 ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਕਾਰਵਾਈ ਨੂੰ ਲੈ ਕੇ ਵਿਵਾਦ ਹੋਇਆ ਸੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਰੋਪ ਲਾਇਆ ਸੀ ਕਿ ਪੁਲਸ ਮੁਲਾਜ਼ਮਾਂ ਨੇ ਗੁਰਦੁਆਰਾ ਸਾਹਿਬ ਦੀ ਧਾਰਮਿਕ ਮਰਿਆਦਾ ਦੀ ਉਲੰਘਣਾ ਕੀਤੀ।

12 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਸੀ ਵਫ਼ਦ

ਇਸ ਦੇ ਵਿਰੋਧ ਵਿੱਚ ਪੰਜਾਬ ਦੇ ‘ਆਪ’ ਵਿਧਾਇਕਾਂ ਅਤੇ ਆਗੂਆਂ ਦਾ ਇੱਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚਿਆ ਸੀ। ਇਸ ਵਫ਼ਦ ਦੀ ਅਗਵਾਈ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਕਰ ਰਹੇ ਸਨ। ਆਗੂਆਂ ਨੇ ਮੰਗ ਪੱਤਰ ਦੇ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਅੰਦਰ ਜਾਣ ਤੋਂ ਰੋਕਣ ‘ਤੇ ਉੱਠਿਆ ਵਿਵਾਦ

ਵਫ਼ਦ ਦੇ ਹੋਰ ਮੈਂਬਰਾਂ ਨੂੰ ਸਕੱਤਰੇਤ ਅੰਦਰ ਜਾਣ ਦੀ ਇਜਾਜ਼ਤ ਮਿਲ ਗਈ, ਪਰ  ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਸਾਹਮਣੇ ਆਰੋਪ ਲਾਇਆ ਕਿ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਨੂੰ ਰੋਕਿਆ ਗਿਆ।

ਸਕੱਤਰੇਤ ਨੇ ਆਰੋਪਾਂ ਨੂੰ ਦੱਸਿਆ ਗ਼ਲਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ 12 ਅਕਤੂਬਰ ਨੂੰ  ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦੋਸ਼ਾਂ ਨੂੰ ਗ਼ਲਤ ਅਤੇ ਗੁੰਮਰਾਹਕੁੰਨ ਦੱਸਿਆ ਸੀ। ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਅਨੁਸਾਰ, ਉਨ੍ਹਾਂ ਨੂੰ ਜਾਤੀ ਦੇ ਆਧਾਰ ‘ਤੇ ਨਹੀਂ, ਸਗੋਂ ਜਥੇਦਾਰ ਅਤੇ ਸਿੱਖ ਧਾਰਮਿਕ ਸੰਸਥਾਵਾਂ ਬਾਰੇ ਪਹਿਲਾਂ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਾਰਨ ਰੋਕਿਆ ਗਿਆ ਸੀ।

Share this content:

Post Comment