ਕੌਮੀ ਇਨਸਾਫ਼ ਮੋਰਚੇ ਨੇ ਸ਼ਾਹ ਤੇ ਮਾਨ ਦੇ ਪੁਤਲੇ ਫੂਕੇ
ਮੋਹਾਲੀ, 14 ਮਾਰਚ – ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੋਗਾ ਦੌਰੇ ਦਾ ਵਿਰੋਧ ਕਰਦਿਆਂ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੋਰਚੇ ਦੇ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਗ੍ਰਹਿ ਮੰਤਰੀ ਦੀ 14 ਮਾਰਚ ਨੂੰ ਪੰਜਾਬ ਫੇਰੀ ਮੌਕੇ ਗੁਰਦੁਆਰਾ ਜੋਗੇਵਾਲਾ ਨੇੜੇ ਤਲਵੰਡੀ ਭਾਈ ਵਿੱਚ ਸ਼ਾਂਤਮਈ ਤਰੀਕੇ ਨਾਲ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ।
ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ। ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਇੱਥੋਂ ਤੱਕ ਕਿ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾਂਦੀ। ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਆਖਰੀ ਸਾਹਾਂ ’ਤੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਵੀ ਹਾਲੇ ਤੱਕ ਬਣਦੀ ਸਜ਼ਾ ਨਹੀਂ ਦਿੱਤੀ ਗਈ।
ਉਨ੍ਹਾਂ ਮੰਗ ਕੀਤੀ ਕਿ ਗ੍ਰਹਿ ਮੰਤਰੀ 14 ਮਾਰਚ ਨੂੰ ਆਪਣੀ ਫੇਰੀ ਦੌਰਾਨ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਪ੍ਰਵਾਨ ਕਰਨ ਦਾ ਐਲਾਨ ਕਰਨ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਰਾਹ ਵਿੱਚ ਜਾਣ-ਬੁੱਝ ਕੇ ਅੜਿੱਕਾ ਡਾਹੁਣ ਦਾ ਦੋਸ਼ ਲਾਇਆ। ਇਸ ਮੌਕੇ ਬਾਪੂ ਗੁਰਚਰਨ ਸਿੰਘ ਹਵਾਰਾ, ਗੁਰਦੀਪ ਸਿੰਘ ਬਠਿੰਡਾ, ਬਲਵਿੰਦਰ ਸਿੰਘ ਔਲਖ ਕਾਲਾ ਝਾੜ ਸਾਹਿਬ, ਜੀਤ ਸਿੰਘ ਔਲਖ, ਬਲਜੀਤ ਸਿੰਘ ਭਾਊ, ਬਲਵਿੰਦਰ ਸਿੰਘ ਫਿਰੋਜ਼ਪੁਰ, ਰਸ਼ਪਾਲ ਸਿੰਘ ਚੰਡੀਗੜ੍ਹ, ਗੁਰਿੰਦਰ ਸਿੰਘ ਭੰਗੂ, ਬਲਜਿੰਦਰ ਸਿੰਘ ਖਾਲਸਾ ਅਤੇ ਪਾਲ ਸਿੰਘ ਘੜੂਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Share this content:



Post Comment