Loading Now

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਸਾਬਕਾ ਮੁੱਖ ਮੰਤਰੀ ਚੰਨੀ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਸਾਬਕਾ ਮੁੱਖ ਮੰਤਰੀ ਚੰਨੀ ਦਾ ਵਫ਼ਦ ਰਾਜਪਾਲ ਨੂੰ ਮਿਲਿਆ

 

ਪੰਜਾਬ ਦੇ ਜ਼ਿਲ੍ਹਾ ਸੰਗਰੂਰ ’ਚ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਕਾਂਗਰਸੀ ਵਫ਼ਦ ਨੇ ਰਾਜਪਾਲ ਤੋਂ ਖੁਦਕੁਸ਼ੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗ੍ਰਿਫ਼ਤਾਰੀ ਤੋਂ ਇਲਾਵਾ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਕੀਤੀ। ਵਫ਼ਦ ਵਿੱਚ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਸ਼ੇਰ ਸਿੰਘ ਘੁਬਾਇਆ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਤੇ ਬਰਿੰਦਰਮੀਤ ਪਾਹੜਾ ਵੀ ਸ਼ਾਮਲ ਸਨ।

ਸ੍ਰੀ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਮਗਰੋਂ ਕਿਹਾ, ‘‘ਪੰਜਾਬ ’ਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ‘ਆਪ’ ਦੇ ਰਾਜ ’ਚ ਗੈਂਗਸਟਰਵਾਦ ਵਧ ਰਿਹਾ ਹੈ, ਪਰ ਸਰਕਾਰ ਕੁਝ ਨਹੀਂ ਕਰ ਰਹੀ।’’ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਘਰਾਂ ਤੱਕ ਸਪਲਾਈ ਕੀਤੀ ਜਾ ਰਹੀ ਹੈ। ਜਦੋਂ ਇਹ ਮਾਮਲਾ ਗੁਲਜ਼ਾਰ ਨੇ ਚੁੱਕਿਆ ਤਾਂ ਪੁਲੀਸ ਉਸ ਦੇ ਘਰ ਤੱਕ ਪਹੁੰਚ ਗਈ, ਜਿਸ ਮਗਰੋਂ ਹੋਇਆ ਸਾਰਾ ਘਟਨਾਕ੍ਰਮ ਸਭ ਦੇ ਸਾਹਮਣੇ ਹੈ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਪੁਲੀਸ ਅਫ਼ਸਰਾਂ ’ਤੇ ਗੈਂਗਸਟਰਾਂ ਨਾਲ ਗੰਢਤੁਪ ਦੇ ਦੋਸ਼ ਲਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਰਡਰ ਰੇਂਜ ਦੇ ਸਾਰੇ ਪੁਲੀਸ ਅਫ਼ਸਰਾਂ ਦੇ ਮੋਬਾਈਲ ਫੋਨਾਂ ਅਤੇ ਕਾਲ ਡਿਟੇਲ ਦੀ ਜਾਂਚ ਕੀਤੀ ਜਾਵੇ, ਜਿਸ ਨਾਲ ਸੱਚ ਸਭ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਧ ਰਹੇ ਨਸ਼ੇ ’ਤੇ ਕੋਈ ਕੰਟਰੋਲ ਨਹੀਂ ਹੈ ਤੇ ਜਵਾਨੀ ਤਬਾਹ ਹੋ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਗ਼ਰੀਬ ਹਾਲਾਤ ਤੋਂ ਹਾਰ ਕੇ ਆਪਣੀ ਜ਼ਿੰਦਗੀ ਖ਼ਤਮ ਕਰਨ ਲਈ ਮਜਬੂਰ ਹੁੰਦਾ ਹੈ ਤਾਂ ਇਹ ਸਮਾਜ ਅਤੇ ਪ੍ਰਬੰਧ ਅੱਗੇ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ, ‘‘ਗਰੀਬ ਸਿਰਫ਼ ਗਰੀਬ ਹੋ ਸਕਦਾ ਹੈ, ਪਰ ਕਮਜ਼ੋਰ ਨਹੀਂ’, ਇਹ ਗੱਲ ਭਗਵੰਤ ਸਿੰਘ ਮਾਨ ਨੂੰ ਸਮਝ ਲੈਣੀ ਚਾਹੀਦੀ ਹੈ, ਜਿਸ ਨਾਲ ਵੀ ਧੱਕਾ ਹੋਵੇਗਾ, ਅਸੀਂ ਉਸ ਨਾਲ ਖੜ੍ਹਾਂਗੇ।’’ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਦਿੱਤਾ ਗਿਆ ਪੰਜ ਲੱਖ ਰੁਪਏ ਦਾ ਮੁਆਵਜ਼ਾ ਕਿਸੇ ਵਿਅਕਤੀ ਦੀ ਮੌਤ ਦੇ ਬਰਾਬਰ ਨਹੀਂ ਹੋ ਸਕਦਾ। ਇਸ ਦੌਰਾਨ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ੇ ’ਤੇ ਕੋਈ ਕੰਟਰੋਲ ਨਹੀਂ ਹੈ। ਅੱਜ ਪੰਜਾਬ ਵਿੱਚ ਜਿੱਥੇ ਨਸ਼ਿਆਂ ਕਾਰਨ ਜਵਾਨੀ ਤਬਾਹ ਹੋ ਰਹੀ ਹੈ, ਉੱਥੇ ਹੀ ਇਸ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਅਤੇ ਇਮਾਨਦਾਰ ਕਾਰਵਾਈ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਇਕੱਲਾ ਛੱਡਣ ਦੀ ਬਜਾਏ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਲਈ ਰੁਜ਼ਗਾਰ, ਸਿੱਖਿਆ ਅਤੇ ਖੇਡਾਂ ਦੇ ਮੌਕੇ ਵਧਾਉਣੇ ਚਾਹੀਦੇ ਹਨ।

Share this content:

Post Comment