Loading Now

ਜਿਉਂਦ ਘਟਨਾ ਖ਼ਿਲਾਫ਼ ਸੜਕ ’ਤੇ ਉਤਰੀਆਂ ਜਥੇਬੰਦੀਆਂ

ਜਿਉਂਦ ਘਟਨਾ ਖ਼ਿਲਾਫ਼ ਸੜਕ ’ਤੇ ਉਤਰੀਆਂ ਜਥੇਬੰਦੀਆਂ

ਬਠਿੰਡਾ, 7 ਮਾਰਚ – ਜ਼ਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ 18 ਫਰਵਰੀ ਦੀ ਘਟਨਾ ਵਿਰੁੱਧ ਅੱਜ ਕਈ ਜਥੇਬੰਦੀਆਂ ਨੇ ਇੱਥੇ ਪੁੱਡਾ ਗਰਾਊਂਡ ’ਚ ਇਕੱਠ ਕਰਨ ਤੋਂ ਬਾਅਦ ਸ਼ਹਿਰ ਅੰਦਰ ਮੁਜ਼ਾਹਰਾ ਕੀਤਾ। ਪੁੱਡਾ ਗਰਾਊਂਡ ’ਚ ਪਲਸ ਮੰਚ ਦੇ ਆਗੂ ਅਮੋਲਕ ਸਿੰਘ, ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀ ਕੇ ਯੂ (ਡਕੌਂਦਾ)-ਧਨੇਰ ਦੇ ਮਨਜੀਤ ਸਿੰਘ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਐੱਸ ਐੱਸ ਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਮਜ਼ਦੂਰਾਂ ਅਤੇ ਕਿਸਾਨਾਂ ਉੱਪਰ ਜਬਰ ਢਾਹੁਣ ਲਈ ਜ਼ਿੰਮੇਵਾਰ ਕਰਾਰ ਦਿੱਤਾ। ਇਨ੍ਹਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਇਸ ਕਾਰਵਾਈ ਲਈ ਪੰਜਾਬ ਸਰਕਾਰ ਵੱਲੋਂ ਜਨਤਕ ਮੁਆਫ਼ੀ ਮੰਗਣ, ਸੰਘਰਸ਼ ਦੇ ਜਮਹੂਰੀ ਹੱਕ ’ਤੇ ਲਾਈਆਂ ਰੋਕਾਂ ਖ਼ਤਮ ਕਰਨ, ਜ਼ਖ਼ਮੀਆਂ ਦੇ ਇਲਾਜ ਅਤੇ ਹੋਰ ਨੁਕਸਾਨ ਦੀ ਭਰਪਾਈ ਕਰਨ ਅਤੇ ਸੰਘਰਸ਼ੀਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਲਈ ਵੀ ਆਵਾਜ਼ ਬੁਲੰਦ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਾਏ ਕਿ ਕੇਂਦਰ ਵਾਂਗ ਪੰਜਾਬ ਸਰਕਾਰ ਵੀ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਦੇ ਨਾਂ ਹੇਠ ਪੁਲੀਸ ਵੱਲੋਂ ਝੂਠੇ ਪੁਲੀਸ ਮੁਕਾਬਲੇ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰਦਾਸਪੁਰ ਨੇੜੇ ਰਣਜੀਤ ਸਿੰਘ ਦੇ ਪੁਲੀਸ ਮੁਕਾਬਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਅਤੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ’ਤੇ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਜਿਉਂਦ ਘਟਨਾ ’ਚ ਜ਼ਖ਼ਮੀ ਚਰਨਜੀਤ ਸਿੰਘ ਤੇ ਪ੍ਰਨੀਤ ਸਿੰਘ ਨੇ ਸੰਬੋਧਨ ਦੌਰਾਨ ਜਬਰ ਖਿੜੇ ਮੱਥੇ ਝੱਲ ਕੇ ਲੋਕ ਸੰਘਰਸ਼ਾਂ ’ਚ ਹੋਰ ਵੀ ਜ਼ੋਰਦਾਰ ਢੰਗ ਨਾਲ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਮੰਚ ਸੰਚਾਲਨ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ।

ਇਕੱਠ ਨੂੰ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਹਰਿੰਦਰ ਬਿੰਦੂ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂੰ, ਬੀ ਕੇ ਯੂ (ਕ੍ਰਾਂਤੀਕਾਰੀ) ਦੀ ਆਗੂ ਸੁਖਵਿੰਦਰ ਕੌਰ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਨੰਦਗੜ੍ਹ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਆਲ ਇੰਡੀਆ ਕਿਸਾਨ ਸਭਾ ਦੇ ਕਿਰਨਜੀਤ ਸਿੰਘ ਸੇਖੋਂ, ਸਮਾਜਿਕ ਕਾਰਕੁਨ ਹਿਮਾਂਸ਼ੂ ਕੁਮਾਰ, ਜਮਹੂਰੀ ਅਧਿਕਾਰ ਸਭਾ ਦੇ ਆਗੂ ਪਿਰਤਪਾਲ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਦੇ ਕਿਸ਼ਨ ਸਿੰਘ, ਪਰਮਿੰਦਰ ਕੌਰ, ਪਾਵਰਕਾਮ ਐਂਡ ਟਰਾਸਕੋ ਯੂਨੀਅਨ ਦੇ ਆਗੂ ਬਲਿਹਾਰ ਸਿੰਘ ਕਟਾਰੀਆ, ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਰਿੰਦਰ ਸਿੰਘ ਮੋਮੀ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਚੰਦ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਜਗਜੀਤ ਸਿੰਘ ਘੁੰਮਣ, ਕਿਰਤੀ ਕਿਸਾਨ ਯੂਨੀਅਨ ਦੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਤਰਕਸ਼ੀਲ ਸੁਸਾਇਟੀ, ਬੀ ਕੇ ਯੂ (ਡਕੌਂਦਾ)-ਬੁਰਜਗਿੱਲ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

Share this content:

Post Comment