Loading Now

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

*ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

*ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ  

ਫਰੀਦਕੋਟ, 2 ਅਕਤੂਬਰ (ਗਿਆਨ  ਸਿੰਘ/ਏ.ਡੀ.ਪੀ ਨਿਊਜ਼) – ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡਿਪੀਟ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ ਪਾਣੀ, ਸਾਫ-ਸਫਾਈ ਅਤੇ ਲੋੜੀਂਦੀਆਂ ਲਾਈਟਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ । ਇਸ ਤੋਂ ਇਲਾਵਾ ਮੰਡੀਆਂ ਵਿੱਚ ਫਸਲ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਦੌਰਾਨ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਐਂਟਰ ਨਾ ਹੋਣ ਦਿੱਤਾ ਜਾਵੇ ਅਤੇ ਇਸ ਸਬੰਧੀ ਢੁੱਕਵੇਂ ਪੁਲਿਸ ਨਾਕੇ ਤੇ ਗਸਤ ਕਰਨੀ ਵੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਮੰਡੀ ਅਫਸਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ, ਲਿਫਟਿੰਗ ਅਤੇ ਹੋਰ ਸਬੰਧਤ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨੂੰ ਵੀ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਾਹਰੀ ਜਿਲ੍ਹੇ/ਰਾਜ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇ, ਤਾਂ ਜੋ ਫਰੀਦਕੋਟ ਜਿਲ੍ਹੇ ਵਿਚ ਝੋਨ ਦੀ ਖਰੀਦ ਦਾ ਟੀਚਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹੋ ਸਕੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਝੋਨੇ ਵਿੱਚ ਨਮੀ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਲਿਆਂਦੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕੱਟੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ। ਇਸ ਮੌਕੇ ਡੀ.ਐਫ.ਐਸ.ਸੀ ਸ਼੍ਰੀ ਗੁਰਜੀਤ ਸਿੰਘ ਦਿਓਲ, ਡਿਪਟੀ ਮੰਡੀ ਅਫਸਰ ਸ਼੍ਰੀ ਹਰਪ੍ਰੀਤ ਸਿੰਘ, ਹਰਸਿਮਰਨ ਸਿੰਘ ਟਰੱਕ ਯੂਨੀਅਨ ਦਾ ਪ੍ਰਧਾਨ ਹਾਜਰ ਸਨ।

Share this content:

Post Comment