ਤਨਖਾਹ ਤੋਂ ਵਾਂਝੇ ਐਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਦੇਣਗੇ ਮੰਗ ਪੱਤਰ ਯੂਨੀਅਨ ਵੱਲੋਂ 9 ਅਪ੍ਰੈਲ ਨੂੰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਬੁਲਾਈ ਰਾਜ ਪੱਧਰੀ ਮੀਟਿੰਗ
ਫ਼ਿਰੋਜ਼ਪੁਰ, 8 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਨੂੰ ਖੂਨ ਨਾਲ ਲਿਖਿਆ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਵੱਲੋਂ ਇਸ ਗੰਭੀਰ ਮਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ 9 ਅਪ੍ਰੈਲ ਨੂੰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਰਾਜ ਪੱਧਰੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਜ਼ਿਲ੍ਹਾ ਸਕੱਤਰ ਫ਼ਿਰੋਜ਼ਪੁਰ ਅਜੀਤ ਕੁਮਾਰ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਦੇਸ਼ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੇ 11 ਮਹੀਨਿਆਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਐਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਤਨਖਾਹ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਡਿਡ ਸਕੂਲਾਂ ਦੇ ਕਰਮਚਾਰੀਆਂ ਨਾਲ ਮਤਰੇਈ ਮਾਂ ਵਰਗਾ ਵਤੀਰਾ ਕਰ ਰਹੀ ਹੈ।
ਐਡਿਡ ਸਕੂਲਾਂ ਤੋਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੀ.ਪੀ.ਓ. ਆਰਡਰ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਐਡਿਡ ਸਕੂਲਾਂ ਦੇ ਕਰਮਚਾਰੀਆਂ ਲਈ ਸਰਕਾਰੀ ਕਰਮਚਾਰੀਆਂ ਵਾਲੇ ਨਿਯਮਾਂ ਅਨੁਸਾਰ ਆਟੋ-ਪੈਰਿਟੀ ਲਾਗੂ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਇਹ ਨਕਾਰਾਤਮਕ ਰਵੱਈਆ ਜਾਰੀ ਰਿਹਾ ਤਾਂ ਅਧਿਆਪਕ ਅਤੇ ਕਰਮਚਾਰੀ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ‘ਕਰੋ ਜਾਂ ਮਰੋ’ ਦੀ ਨੀਤੀ ਅਪਣਾਉਣਗੇ। ਉਨ੍ਹਾਂ ਕਿਹਾ ਕਿ ਜੇ ਵਿਭਾਗ ਵੱਲੋਂ ਜਲਦ ਤਨਖਾਹ ਜਾਰੀ ਨਾ ਕੀਤੀ ਗਈ ਤਾਂ ਸੀ.ਐਮ. ਸਿਟੀ ਧੂਰੀ ਵਿੱਚ ਰਾਜ ਪੱਧਰੀ ਰੈਲੀ ਕਰਕੇ ਪੂਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਐਬਿਟ ਮਸੀਹ, ਵਿੱਤ ਸਕੱਤਰ ਅਸ਼ੋਕ ਵਧੇਰਾ, ਰਵਿੰਦਰਜੀਤ ਪੁਰੀ, ਅਸ਼ਵਨੀ ਮਦਾਨ ਪਟਿਆਲਾ, ਅਮਰਜੀਤ ਸਿੰਘ ਭੁੱਲਰ ਰੋਪੜ, ਜਗਜੀਤ ਸਿੰਘ ਗੁਜਰਾਲ ਅੰਮ੍ਰਿਤਸਰ, ਰਣਜੀਤ ਸਿੰਘ ਆਨੰਦਪੁਰ ਸਾਹਿਬ, ਸੁਖਇੰਦਰ ਸਿੰਘ ਅਤੇ ਹੋਰ ਆਗੂਆਂ ਨੇ ਵੀ ਸਰਕਾਰ ਤੋਂ ਤਨਖਾਹ ਅਨੁਦਾਨ ਅਤੇ ਪੀ.ਪੀ.ਓ. ਆਰਡਰ ਜਲਦ ਜਾਰੀ ਕਰਨ ਦੀ ਮੰਗ ਕੀਤੀ।
Share this content:



Post Comment