ਨਗਾਰੇ ਦੀ ਗੂੰਜ ਤੇ ਪੁਰਾਤਨ ਪਰੰਪਰਾਵਾਂ… ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲੇ ਮਹੱਲੇ ਦੀ ਆਰੰਭਤਾ
ਸ੍ਰੀ ਆਨੰਦਪੁਰ ਸਾਹਿਬ, 27 ਫਰਵਰੀ – ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਆਰੰਭਤਾ ਜਨਮ ਅਸਥਾਨ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਸ਼ੁਰੂਆਤ ਨਾਲ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਾਬਾ ਟੇਕ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੀ ਆਰੰਭਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਖਾਲਸਾ ਪੰਥ ਦੀ ਵਿਲੱਖਣ ਸ਼ਾਨ, ਸ਼ੂਰਵੀਰਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਿਰਫ਼ ਰਵਾਇਤੀ ਮੇਲਾ ਨਹੀਂ, ਸਗੋਂ ਸਿੱਖ ਕੌਮ ਨੂੰ ਆਪਣੀ ਇਤਿਹਾਸਕ ਵਿਰਾਸਤ, ਜੰਗੀ ਜੌਹਰਾਂ ਅਤੇ ਗੁਰਮਤਿ ਅਧਾਰਤ ਜੀਵਨ-ਮਰਯਾਦਾ ਨਾਲ ਜੋੜਨ ਵਾਲਾ ਮਹੱਤਵਪੂਰਨ ਅਵਸਰ ਹੈ।
ਧਾਮੀ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਵੱਲੋਂ ਅਰੰਭਿਆ ਗਿਆ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਨਾਲ ਗਹਿਰਾ ਸੰਬੰਧ ਰੱਖਦਾ ਹੈ, ਜਿੱਥੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੌਰਾਨ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਹੋ ਚੁੱਕੀ ਹੈ ਅਤੇ ਨਿਰਧਾਰਤ ਮਿਤੀਆਂ ਅਨੁਸਾਰ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਕਰਕੇ ਖਾਲਸਾਈ ਰਵਾਇਤ ਅਨੁਸਾਰ ਮਹੱਲਾ ਸਜਾਇਆ ਜਾਵੇਗਾ।
ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਹੋਲਾ ਮਹੱਲਾ ਦੇ ਸਮਾਗਮ ਗੁਰਮਰਯਾਦਾ ਅਨੁਸਾਰ ਮਨਾਏ ਜਾਣ ਅਤੇ ਵਹੀਰਾਂ ਦੌਰਾਨ ਗੁਰਬਾਣੀ ਕੀਰਤਨ, ਕਥਾ, ਢਾਡੀ ਵਾਰਾਂ ਅਤੇ ਕਵੀਸ਼ਰੀ ਰਾਹੀਂ ਗੁਰੂ ਨਾਲ ਜੋੜ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਅਨੁਸ਼ਾਸਨ, ਸਾਫ਼-ਸੁਥਰਾਈ ਅਤੇ ਭਾਈਚਾਰੇ ਦੀ ਭਾਵਨਾ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਇਹ ਇਤਿਹਾਸਕ ਤਿਉਹਾਰ ਆਪਣੀ ਅਸਲੀ ਰੂਹ ਨਾਲ ਮਨਾਇਆ ਜਾ ਸਕੇ। ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਨੂੰ ਏਕਤਾ, ਨਿਸ਼ਠਾ ਅਤੇ ਗੁਰਮਤਿ ਅਨੁਸਾਰ ਜੀਵਨ ਜੀਊਣ ਦਾ ਸੰਦੇਸ਼ ਦਿੰਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਅਲੱਗ ਪਹਿਚਾਣ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ।
Share this content:


Post Comment