Loading Now

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤਾ ਜਾਗਰੂਕ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤਾ ਜਾਗਰੂਕ

*ਸੋਹਾਣਾ ਸਕੂਲ ਵਿਖੇ ਪੁਲਿਸ ਵੱਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
*ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਕੀਤਾ ਪ੍ਰੇਰਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਬੀ.ਐਸ.ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਵਰੁਨ ਸ਼ਰਮਾ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸ੍ਰੀ ਰਾਮਨਦੀਪ ਸਿੰਘ, ਕਪਤਾਨ ਪੁਲਿਸ, ਟ੍ਰੈਫਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਲਗਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਖੇਡਾਂ ਨਾਲ ਜੁੜਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।  ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਗਿਆ ਕਿ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਰਫ਼ਤਾਰ ਨੂੰ ਨਿਯੰਤਰਣ ਵਿੱਚ ਰੱਖਣਾ, ਲਾਲ ਬੱਤੀ ਪਾਰ ਨਾ ਕਰਨਾ, ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਕਰਨਾ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣਾ ਅਤੇ ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
WhatsApp-Image-2026-09-15-at-1.34.57-PM-1 ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤਾ ਜਾਗਰੂਕ
ਉਨ੍ਹਾਂ ਕਿਹਾ ਕਿ ਸੜਕ ’ਤੇ ਚਲਦਿਆਂ ਟ੍ਰੈਫਿਕ ਨਿਯਮਾਂ ਦੇ ਨਾਲ-ਨਾਲ ਨੈਤਿਕਤਾ ਅਤੇ ਮਾਨਵੀ ਕਦਰਾਂ-ਕੀਮਤਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣਾ ਅਤੇ ਸੜਕ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਦੀ ਬਿਨਾਂ ਕਿਸੇ ਡਰ-ਭੈਅ ਦੇ ਮਦਦ ਕਰਨਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਾਲ ਹੋਣ ਵਾਲੇ ਕਾਨੂੰਨੀ ਅਤੇ ਸੁਰੱਖਿਆ ਸਬੰਧੀ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 184 ਤਹਿਤ ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ’ਤੇ ਕਾਨੂੰਨ ਅਨੁਸਾਰ ਜੁਰਮਾਨੇ ਅਤੇ ਹੋਰ ਸਜ਼ਾਵਾਂ ਦਾ ਪ੍ਰਾਵਧਾਨ ਹੈ। ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੂੰ ਵੀ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਅਤੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਬੀ.ਐਸ.ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਗਰਗ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੁਸ਼ਮਾ ਦੇਵੀ, ਪੀ.ਟੀ.ਆਈ. ਰਾਹੁਲ ਸ਼ਰਮਾ, ਡੀ.ਪੀ.ਆਈ. ਕ੍ਰਿਸ਼ਨਜੀਤ ਲੰਬਾ, ਸੁਖਦੇਵ ਸਿੰਘ, ਮਨੀਸ਼ ਅਤੇ ਸਕੂਲ ਦਾ ਹੋਰ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਪੁਲਿਸ ਵਿਭਾਗ ਦਾ ਵਿਦਿਆਰਥੀਆਂ ਲਈ ਅਜਿਹਾ ਜਾਗਰੂਕਤਾ ਸੈਮੀਨਾਰ ਕਰਵਾਉਣ ਲਈ ਧੰਨਵਾਦ ਕੀਤਾ ਗਿਆ।

Share this content:

Post Comment