ਪਾਰਕਿੰਗ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਦੀ ਹਿੰਸਕ ਝੜਪ
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਅਧੀਨ ਪੈਂਦੇ ਕਰਨਪ੍ਰਯਾਗ ਬਜ਼ਾਰ ਵਿੱਚ ਗੱਡੀ ਪਾਰਕਿੰਗ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਸਥਾਨਕ ਲੋਕਾਂ ’ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਦੋਸ਼ ਹੇਠ ਚਮੋਲੀ ਪੁਲੀਸ ਨੇ ਪੰਜਾਬ ਦੇ ਮੁਹਾਲੀ ਨਾਲ ਸਬੰਧਤ ਚਾਰ ਨਿਹੰਗ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਹ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਪਰਤ ਰਹੇ ਸਨ। ਹਮਲੇ ਵਿੱਚ ਚਾਰ ਸਥਾਨਕ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਅਰ ਐਂਬੂਲੈਂਸ ਰਾਹੀਂ ਦੇਹਰਾਦੂਨ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਰਨਪ੍ਰਯਾਗ ਥਾਣੇ ਦੇ ਮੁਖੀ ਵਿਨੋਦ ਥਪਲਿਆਲ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਕ੍ਰਿਸ਼ਨਾ ਪੈਲੇਸ ਹੋਟਲ ਦੇ ਨੇੜੇ ਵਾਪਰੀ। ਸਥਾਨਕ ਨਿਵਾਸੀ ਗਜਪਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਚਾਰਾਂ ਮੁਲਜ਼ਮਾਂ- ਮੰਤਰੀ ਸਿੰਘ (21), ਜਸਨਪ੍ਰੀਤ ਸਿੰਘ (23), ਅਜੇ ਸਿੰਘ (23) ਅਤੇ ਸਤਵਿੰਦਰ ਸਿੰਘ (21), ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜੋ ਸਾਰੇ ਮੁਹਾਲੀ (ਪੰਜਾਬ) ਦੇ ਰਹਿਣ ਵਾਲੇ ਹਨ।
ਮਾਮੂਲੀ ਬਹਿਸ ਤੋਂ ਬਾਅਦ ਚੱਲੀਆਂ ਤਲਵਾਰਾਂ
ਪੁਲੀਸ ਅਨੁਸਾਰ ਹੋਟਲ ਨੇੜੇ ਸਥਾਨਕ ਵਪਾਰੀਆਂ, ਪ੍ਰਕਾਸ਼ ਰਾਵਤ ਨਾਮ ਦੇ ਇੱਕ ਸਥਾਨਕ ਨਿਵਾਸੀ ਅਤੇ ਨਿਹੰਗ ਸਿੰਘਾਂ ਦੇ ਸਮੂਹ ਵਿਚਕਾਰ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਬਹਿਸ ਹੋ ਗਈ ਸੀ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਦੋ ਨਿਹੰਗ ਨੌਜਵਾਨਾਂ ਨੇ ਕਥਿਤ ਤੌਰ ’ਤੇ ਪ੍ਰਕਾਸ਼ ਰਾਵਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਬਾਕੀ ਦੋ ਨਿਹੰਗਾਂ ਨੇ ਬਚਾਅ ਕਰਨ ਆਏ ਸਥਾਨਕ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਵੀ ਹਮਲਾ ਕਰਕੇ ਚਾਰ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਬਾਕੀ ਤਿੰਨ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਚਮੋਲੀ ਦੇ ਐੱਸ.ਪੀ. ਸੁਰਜੀਤ ਸਿੰਘ ਪੰਵਾਰ ਨੇ ਦੱਸਿਆ, “ਅਸੀਂ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 281, 125, 109, 352 ਅਤੇ 351(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।” ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਵਿਵਸਥਾ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਤਾਇਨਾਤ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ।
‘ਸ਼ਸਤਰ ਧਰਮ ਦੀ ਰੱਖਿਆ ਲਈ ਹਨ, ਦੁਰਵਰਤੋਂ ਲਈ ਨਹੀਂ’ – ਹੇਮਕੁੰਟ ਸਾਹਿਬ ਟਰੱਸਟ
ਇਸ ਮੰਦਭਾਗੀ ਘਟਨਾ ਤੋਂ ਬਾਅਦ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ, ਗੋਬਿੰਦਘਾਟ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਸੰਗਤਾਂ ਨੂੰ ਅਮਨ-ਕਾਨੂੰਨ, ਅਨੁਸ਼ਾਸਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਟਰੱਸਟ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, “ਸਿੱਖ ਧਰਮ ਵਿੱਚ ਸ਼ਸਤਰ ਧਰਮ ਅਤੇ ਮਜ਼ਲੂਮ ਦੀ ਰੱਖਿਆ ਲਈ ਹਨ, ਨਾ ਕਿ ਇਨ੍ਹਾਂ ਦੀ ਨਾਜਾਇਜ਼ ਵਰਤੋਂ ਕਰਨ ਲਈ। ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂ ਅਜਿਹੇ ਕਦਮਾਂ ਤੋਂ ਗੁਰੇਜ਼ ਕਰਨ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ। ਯਾਤਰੀਆਂ ਨੂੰ ਅਪੀਲ ਹੈ ਕਿ ਉਹ ਆਪਣੇ ਨਾਲ ਗ਼ੈਰ-ਜ਼ਰੂਰੀ ਹਥਿਆਰ ਨਾ ਲੈ ਕੇ ਆਉਣ ਅਤੇ ਖ਼ਾਸ ਕਰਕੇ ਬੱਚਿਆਂ ਨੂੰ ਅਜਿਹੇ ਹਥਿਆਰਾਂ ਤੋਂ ਦੂਰ ਰੱਖਿਆ ਜਾਵੇ।
Share this content:


Post Comment