ਪੁਲੀਸ ਹੱਡੀਆਂ ਤੋੜ ਸਕਦੀ ਹੈ; ਸੱਤਿਆਗ੍ਰਹਿ ਨਹੀਂ: ਰਾਹੁਲ ਗਾਂਧੀ
ਨਵੀਂ ਦਿੱਲੀ, 17 ਅਕਤੂਬਰ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਨਹੀਂ ਕਰ ਰਹੀ ਅਤੇ ਕਿਹਾ ਕਿ ਪੁਲੀਸ ਹੱਡੀਆਂ ਤੋੜ ਸਕਦੀ ਹੈ ਪਰ ‘ਸੱਤਿਆਗ੍ਰਹਿ’ ਨਹੀਂ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਦਿੱਲੀ ਪੁਲੀਸ ਦੀਆਂ ਕਥਿਤ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਸੋਸ਼ਲ ਮੀਡੀਆ ’ਤੇ ਵਿਦਿਆਰਥੀਆਂ ਨਾਲ ਆਪਣੀ ਮੁਲਾਕਾਤ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਕਾਂਗਰਸ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਹਰ ਕਾਨੂੰਨੀ ਰਾਹ ਅਪਣਾਏਗੀ। ਕੇਰਲਮ ਦੀਆਂ ਅਥੀਰਾ ਅਤੇ ਰਾਜਸਥਾਨ ਦੀ ਰਿਤੂ ਸਮੇਤ ਕਈ ਵਿਦਿਆਰਥਣਾਂ ਜ਼ਖ਼ਮੀ ਹੋਈਆਂ ਹਨ। ਕੇਰਲਮ ਵਿੱਚ ਜ਼ੀਰੋ ਐੱਫ ਆਈ ਆਰ ਦਰਜ ਹੋ ਚੁੱਕੀ ਹੈ।
ਇਹ ਵਿਦਿਆਰਥੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਵਿੱਚ ਕਥਿਤ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਰਾਹੁਲ ਨੇ 1930 ਦੇ ਧਾਰਾਸਨਾ ਸੱਤਿਆਗ੍ਰਹਿ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੁਲੀਸ ਹੱਡੀਆਂ ਤੋੜ ਸਕਦੀ ਹੈ, ਪਰ ਸੱਤਿਆਗ੍ਰਹਿ ਨੂੰ ਨਹੀਂ ਤੋੜ ਸਕਦੀ। ਦੇਸ਼ ਦੇ ਨੌਜਵਾਨ, ਖ਼ਾਸ ਕਰ ਕੇ ਮੁਟਿਆਰਾਂ, ਲੋਕਤੰਤਰ ਦੀ ਰਾਖੀ ਲਈ ਡਟੇ ਹੋਏ ਹਨ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਹਿਰਾਸਤ ਦੌਰਾਨ ਪੁਲੀਸ ਨੇ ਉਨ੍ਹਾਂ ਨਾਲ ਅਣਮਨੁੱਖੀ ਵਿਹਾਰ ਕੀਤਾ ਅਤੇ ਕੁੱਟਮਾਰ ਕੀਤੀ। ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ ਗਈਆਂ। ਰਾਹੁਲ ਨੇ ਬੁੱਧਵਾਰ ਨੂੰ ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਜ਼ਖ਼ਮੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਸੀ।
Share this content:



Post Comment