ਪੰਜਾਬ ਦੀਆਂ ਮੰਗਾਂ ਪੂਰੀਆਂ ਨਾ ‘ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਲਾਵਾਂਗੇ ਪੱਕਾ ਮੋਰਚਾ : ਪੰਧੇਰ
ਚੰਡੀਗੜ੍ਹ, 17 ਅਕਤੂਬਰ – ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਅੱਜ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਜਾਪਦੀ। ਇਸੇ ਕਰਕੇ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਪੰਧੇਰ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਸੀ। ਇਸ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੀਆਂ ਮੰਗਾਂ ਦਾ 15 ਅਕਤੂਬਰ ਤੱਕ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੈਅ ਸਮਾਂ ਲੰਘਣ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਕਾਰਨ ਕਿਸਾਨ ਮਜ਼ਦੂਰ ਮੋਰਚੇ ਵਿੱਚ ਰੋਸ ਹੈ।
ਕੇਂਦਰ ਦੀਆਂ ਨੀਤੀਆਂ ਲਾਗੂ ਕਰਨ ਲਈ ਪੰਜਾਬ ਸਰਕਾਰ ’ਤੇ ਲਾਏ ਦੋਸ਼
ਸਰਵਣ ਸਿੰਘ ਪੰਧੇਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਾਇਆ ਕਿ ਜਦੋਂ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਵਿਰੁੱਧ ਕੋਈ ਨੀਤੀ ਲਿਆਂਦੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰ ਦਿੰਦੀ ਹੈ। ਉਨ੍ਹਾਂ ਇਸ ਸਬੰਧੀ ਤਿੰਨ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਨੂੰ ਸਭ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ।
ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਮੋਰਚੇ ਨੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰ ਸੰਮੇਲਨ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
Share this content:



Post Comment