ਪੰਜਾਬ ਨੇ 700 ਲੱਖ ਕੁਇੰਟਲ ਗੰਨਾ ਪੈਦਾਵਾਰ ਦਾ ਟੀਚਾ ਮਿਥਿਆ
ਚੰਡੀਗੜ੍ਹ, 14 ਸਤੰਬਰ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਵਧੇਰੇ ਯਤਨ ਕੀਤੇ ਜਾ ਰਹੇ ਹਨ। ਇਸੇ ਕਰ ਕੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਤੇ ਝੋਨਾ ਛੱਡ ਕੇ ਗੰਨਾ ਅਤੇ ਹੋਰ ਫ਼ਸਲਾਂ ਦੀ ਕਾਸ਼ਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬਾ ਸਰਕਾਰ ਦੇ ਵਧੇਰੇ ਯਤਨਾਂ ਦੇ ਬਾਵਜੂਦ ਗੰਨੇ ਦੀ ਕਾਸ਼ਤ ਹੇਠ ਰਕਬੇ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਗੰਨੇ ਦੀ ਪੈਦਾਵਾਰ 700 ਲੱਖ ਕੁਇੰਟਲ ਹੋਣ ਦੀ ਟੀਚਾ ਮਿਥਿਆ ਗਿਆ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ। ਜਦੋਂ ਕਿ ਪਿਛਲੇ ਸਾਲ 2025-26 ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1,11,818 ਹੈਕਟੇਅਰ ਸੀ, ਜੋ ਕਿ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ। ਉਨ੍ਹਾਂ ਕਿਹਾ ਕਿ ਕੁੱਲ ਰਕਬੇ ਵਿੱਚੋਂ 17,662 ਹੈਕਟੇਅਰ ਰਕਬਾ ਪਤਝੜ ਰੁੱਤ ਦੀ ਫ਼ਸਲ, 51,174 ਹੈਕਟੇਅਰ ਬਹਾਰ ਰੁੱਤ ਦੀ ਫ਼ਸਲ ਅਤੇ 47,295 ਹੈਕਟੇਅਰ ਰਕਬਾ ਮੋਡੀ (ਰਟੂਨ) ਫਸਲ ਅਧੀਨ ਹੈ।
ਸ੍ਰੀ ਖੁੱਡੀਆਂ ਨੇ ਕਿਹਾ ਕਿ ਸੀਜ਼ਨ 2026-27 ਲਈ ਸਰਕਾਰ ਨੇ ਸਿਫ਼ਾਰਸ਼ਸ਼ੁਦਾ ਗੰਨੇ ਦੀਆਂ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਹੱਲਾਸ਼ੇਰੀ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ 12 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਮੁਹਾਲੀ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਵਿੱਚ ਲਾਗੂ ਕੀਤੀ ਜਾਵੇਗੀ। ਇਹ ਡੈਮੋ ਪਲਾਟ ਖੇਤੀ ਲਾਗਤਾਂ ਨੂੰ ਘਟਾਉਂਦੇ ਹੋਏ ਝਾੜ ਵਧਾਉਣ ਲਈ ਉੱਨਤ ਅਭਿਆਸਾਂ ਜਿਵੇਂ ਕਿ ਚੌੜੀ-ਕਤਾਰ, ਟਰੈਂਚ ਪਲਾਂਟਿੰਗ, ਇੰਟਰਕਰੌਪਿੰਗ, ਮਲਚਿੰਗ ਅਤੇ ਸਾਇੰਟੀਫਿਕ ਰੈਟੂਨ ਮੈਨੇਜਮੈਂਟ ਨੂੰ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ), ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਆਪਕ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਿਆਪਕ ਪਹੁੰਚ ਗੰਨੇ ਦੀ ਕਾਸ਼ਤ ਦੇ ਖ਼ਰਚਿਆਂ ਨੂੰ ਘਟਾਏਗੀ, ਉਤਪਾਦਕਤਾ ਵਿੱਚ ਵਾਧਾ ਕਰੇਗੀ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਾਤਾਰ ਯਤਨ ਕੀਤੇ ਜਾ ਰਹੇ ਹਨ।
Share this content:



Post Comment