ਪੰਜਾਬ ਵਿੱਚ ਤਿੰਨ ਗੁਣਾ ਵਧੀ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਗਿਣਤੀ
ਬਠਿੰਡਾ, 11 ਜੂਨ – ਪੰਜਾਬ ਵਿੱਚ ਇੰਨ੍ਹੀ ਦਿਨੀਂ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ, ਉਥੇ ਹੀ ਵੱਡੇ ਪੱਧਰ ‘ਤੇ ਨਸ਼ਾ ਵੀ ਬਰਾਮਦ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਮੁਹਿੰਮ ਕਾਰਨ ਜਿੱਥੇ ਵੱਡੇ ਪੱਧਰ ‘ਤੇ ਨਸ਼ੇ ਦੀ ਸਪਲਾਈ ਲਾਈਨ ਠੱਪ ਹੋਈ ਹੈ, ਉਥੇ ਹੀ ਹੁਣ ਨਸ਼ੇ ਤੋਂ ਪੀੜਤ ਨੌਜਵਾਨ ਨਸ਼ਾ ਛੱਡਣ ਲਈ ਨਸ਼ਾ ਛੁਡਾਊ ਕੇਂਦਰਾਂ ਦਾ ਰੁਖ ਕਰ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਲਗਾਤਾਰ ਵੱਧ ਰਹੀ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਥੇ ਹੀ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਦਿੱਤੀ ਜਾਣ ਵਾਲੀ ਗੋਲੀ ਦੀ ਖਪਤ ਵੀ ਲਗਾਤਾਰ ਵਧਦੀ ਜਾ ਰਹੀ ਹੈ।
ਨਸ਼ਾ ਛੱਡਣ ਵਾਲੇ 10 ਲੱਖ ਤੋਂ ਵੱਧ ਮਰੀਜ਼ ਰਜਿਸਟਰਡ
ਪੰਜਾਬ ਭਰ ਵਿੱਚ ਇਸ ਸਮੇਂ ਨਸ਼ਾ ਛੱਡਣ ਵਾਲੇ 10 ਲੱਖ 30 ਹਜ਼ਾਰ ਮਰੀਜ਼ ਰਜਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 7 ਲੱਖ 30 ਹਜ਼ਾਰ ਦੇ ਕਰੀਬ ਮਰੀਜ਼ ਪ੍ਰਾਈਵੇਟ ਇਲਾਜ ਕਰਵਾ ਰਹੇ ਹਨ, ਜਦਕਿ ਬਾਕੀ ਸਰਕਾਰੀ ਨਸ਼ਾ ਛੁਡਾਊ ਕੇਂਦਰ ਦਾ ਸਹਾਰਾ ਲੈ ਰਹੇ ਹਨ। ਉਥੇ ਹੀ ਸਾਲ 2022 ਵਿੱਚ ਓਟ ਕਲੀਨਿਕਾਂ ਦੇ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਪੰਜ ਹਜ਼ਾਰ ਸੀ ਜੋ ਕਿ 2025 ਵਿੱਚ ਵੱਧ ਕੇ 3 ਲੱਖ ਤੱਕ ਪਹੁੰਚ ਗਈ ਹੈ। ਲਗਾਤਾਰ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਕਾਰਨ ਨਸ਼ਾ ਛੱਡਣ ਵਾਲੀ ਗੋਲੀ ਦੀ ਖਪਤ ਵੀ ਵਧੀ ਹੈ। ਜਨਵਰੀ 2022 ਵਿੱਚ ਨਸ਼ਾ ਛੱਡਣ ਵਾਲੀ ਗੋਲੀ ਦੀ ਖਪਤ ਕਰੀਬ 88 ਲੱਖ ਪ੍ਰਤੀ ਮਹੀਨਾ ਸੀ, ਜੋ ਕਿ ਮਈ 2025 ਦੇ ਮਹੀਨੇ ਤੱਕ 91 ਲੱਖ ਪ੍ਰਤੀ ਮਹੀਨਾ ਹੋ ਗਈ ਹੈ।
ਪ੍ਰਾਈਵੇਟ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਬਣਾਏ
ਓਟ ਕਲੀਨਿਕਾਂ ਵਿੱਚ ਡਾਕਟਰ ਵੱਲੋਂ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਬੁਪਰੋਨੌਰਫਿਨ, ਨਾਲੇਕਸਨ, ਟਰੈਮਾਡੋਲ, ਲੋਰਾਜੇਪਾਮ, ਕਲੋਨਾਜੇਪਾਮ ਅਤੇ ਐਂਟੀ ਡਿਪਰੈਸ਼ਨ ਦੀ ਦਵਾਈ ਦਿੱਤੀ ਜਾਂਦੀ ਹੈ। ਪੰਜਾਬ ਵਿੱਚ ਇਸ ਸਮੇਂ 117 ਪ੍ਰਾਈਵੇਟ ਅਤੇ ਤਿੰਨ ਦਰਜਨ ਦੇ ਕਰੀਬ ਸਰਕਾਰੀ ਨਸ਼ਾ ਛੁਡਾਊ ਕੇਂਦਰ ਹਨ। ਇਸ ਤੋਂ ਇਲਾਵਾ 19 ਸਰਕਾਰੀ ਅਤੇ 72 ਪ੍ਰਾਈਵੇਟ ਮੁੜ ਵਸੇਬਾ ਕੇਂਦਰ ਹਨ। ਇਸ ਤੋਂ ਇਲਾਵਾ 42 ਨਰਸਿੰਗ ਕਾਲਜ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਨਸ਼ਾ ਛੁਡਾਊ ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰਾਈਵੇਟ ਅਤੇ ਸਰਕਾਰੀ ਕੇਂਦਰਾਂ ਵਿੱਚ 5000 ਬੈੱਡਾਂ ਦੀ ਸਮਰੱਥਾ ਬਣਾਈ ਗਈ ਹੈ। ਇਨ੍ਹਾਂ ਕੇਂਦਰਾਂ ਵਿੱਚ ਕਰੀਬ 2300 ਮਰੀਜ਼ ਭਰਤੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਸਰਕਾਰ ਦੀ ਮੁਹਿੰਮ ਨਾਲ ਨਸ਼ੇ ਦੀ ਸਪਲਾਈ ਟੁੱਟੀ
ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਦੇ ਮਨੋਰੋਗ ਮਾਹਿਰ ਡਾਕਟਰ ਅਰੁਣ ਬਾਂਸਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਆਗਾਜ਼ ਤੋਂ ਬਾਅਦ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ, ਜਿਸ ਕਾਰਨ ਉਨ੍ਹਾਂ ਪਾਸ ਇਲਾਜ ਕਰਾਉਣ ਵਾਲੇ ਨੌਜਵਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਸਮੇਂ ਉਨ੍ਹਾਂ ਪਾਸ ਨਸ਼ਾ ਛੁਡਾਊ ਕੇਂਦਰ ਅਤੇ ਓਟ ਸੈਂਟਰ ਦੇ ਬੈੱਡ ਭਰੇ ਹੋਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਅਤੇ ਸੰਸਥਾਵਾਂ ਨਾਲ ਟਾਈ-ਅੱਪ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵੱਡੇ ਪੱਧਰ ‘ਤੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਭਰਤੀ ਕਰਵਾਇਆ ਜਾ ਰਿਹਾ ਹੈ।
Share this content:



Post Comment