Loading Now

ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

*ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਨਾਲ ਸਿੱਖਿਆ ਦੀ ਗੁਣਵੱਤਾ ਵਿੱਚ ਵਾਧਾ : ਕੁਲਤਾਰ ਸਿੰਘ ਸੰਧਵਾਂ
*ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲ: ਹਰ ਪੰਜਾਬੀ ਲਈ 10 ਲੱਖ ਰੁਪਏ ਦਾ ਸਿਹਤ ਬੀਮਾ
*ਨਵੀਂ ਉਦਯੋਗਿਕ ਨੀਤੀ ਨਾਲ ਪੰਜਾਬ ਦੀ ਸਨਅਤ ਦੀ ਕਿਸਮਤ ਬਦਲੇਗੀ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 17 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 16 ਮਾਰਚ 2026 ਨੂੰ ਆਪਣੇ ਚਾਰ ਸਾਲ ਪੂਰੇ ਕਰ ਲਏ ਹਨ ਅਤੇ ਇਹ ਦਿਨ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਮਹੱਤਵਪੂਰਨ ਰਹੇਗਾ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਵੱਡੇ ਭਰੋਸੇ ਨਾਲ ਸਾਡੀ ਪਾਰਟੀ ਨੂੰ ਸੱਤਾ ਸੌਂਪੀ ਅਤੇ ਸ੍ਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ। ਲੋਕਾਂ ਦੀਆਂ ਉਮੀਦਾਂ ਅਨੁਸਾਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਰਵਾਇਤੀ ਰਾਜਨੀਤੀ ਤੋਂ ਵੱਖਰੀ ਹੈ ਅਤੇ ਪਾਰਦਰਸ਼ੀ, ਇਮਾਨਦਾਰ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਵਿੱਚ ਵਿਸ਼ਵਾਸ ਰੱਖਦੀ ਹੈ। ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਕਿਸਾਨੀ ਅਤੇ ਰੁਜ਼ਗਾਰ ਵਰਗੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਗਈ। ਲੋਕਾਂ ਦੀਆਂ ਸਮੱਸਿਆਵਾਂ ਘਟਾਉਣ ਲਈ 2024 ਵਿੱਚ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਸ਼ੁਰੂ ਕੀਤੀ ਗਈ ਜਿਸ ਰਾਹੀਂ ਲੋਕ 1076 ਹੈਲਪਲਾਈਨ ‘ਤੇ ਕਾਲ ਕਰਕੇ ਜਨਮ, ਮੌਤ, ਆਮਦਨ, ਜਾਤੀ ਸਰਟੀਫਿਕੇਟ, ਪੈਨਸ਼ਨ ਅਤੇ ਬਿੱਲ ਭੁਗਤਾਨ ਸਮੇਤ 406 ਸਰਕਾਰੀ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਵੱਡੇ ਬਦਲਾਅ ਕਰਦੇ ਹੋਏ ਸਰਕਾਰ ਨੇ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਦਵਾਈਆਂ, ਟੈਸਟ ਅਤੇ ਪ੍ਰਾਇਮਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ। ਇਸ ਵੇਲੇ ਪੰਜਾਬ ਵਿੱਚ 842 ਤੋਂ ਵੱਧ ਕਲੀਨਿਕ ਚੱਲ ਰਹੇ ਹਨ। ਭ੍ਰਿਸ਼ਟਾਚਾਰ ਨੂੰ ਰੋਕਣ ਲਈ 23 ਮਾਰਚ 2022 ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਜਿਸ ਤਹਿਤ ਲੋਕ 9501200200 ਵਟਸਐਪ ਨੰਬਰ ‘ਤੇ ਆਡੀਓ ਜਾਂ ਵੀਡੀਓ ਸਬੂਤ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ 21 ਜਨਵਰੀ 2023 ਨੂੰ ਸ਼ੁਰੂ ਕੀਤਾ ਗਿਆ ਸਕੂਲ ਆਫ ਐਮੀਨੈਂਸ ਪ੍ਰਾਜੈਕਟ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਉੱਚ ਪੱਧਰ ‘ਤੇ ਲਿਜਾਣ ਲਈ ਇੱਕ ਮਹੱਤਵਪੂਰਨ ਕਦਮ ਹੈ।
ਇਸ ਤਹਿਤ JEE ਅਤੇ NEET ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਮੁਫ਼ਤ ਕਰਵਾਈ ਜਾ ਰਹੀ ਹੈ। ਅਧਿਆਪਕਾਂ ਨੂੰ ਵਿਦੇਸ਼ ਭੇਜ ਕੇ ਸਿਖਲਾਈ ਦਵਾਈ ਗਈ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਸਕਣ। ਇਸ ਵੇਲੇ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 118 ਸਕੂਲ ਆਫ ਐਮੀਨੈਂਸ ਚੱਲ ਰਹੇ ਹਨ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 2026 ਲਾਗੂ ਕਰਕੇ ਪੰਜਾਬ ਨੂੰ ਉਦਯੋਗਾਂ ਲਈ ਪਸੰਦੀਦਾ ਮੰਜ਼ਿਲ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਉਦਯੋਗ ਲਗਾਉਣ ਲਈ ਮਨਜ਼ੂਰੀਆਂ ਤੇਜ਼ੀ ਨਾਲ ਦੇਣ ਲਈ ਫਾਸਟ ਟਰੈਕ ਪੰਜਾਬ ਪੋਰਟਲ ਸ਼ੁਰੂ ਕੀਤਾ ਗਿਆ ਹੈ। ਜਨਵਰੀ 2024 ਵਿੱਚ ਸੜਕ ਸੁਰੱਖਿਆ ਫੋਰਸ ਵੀ ਬਣਾਈ ਗਈ ਜੋ ਹਾਈਵੇਜ਼ ‘ਤੇ ਹਾਦਸਿਆਂ ਨੂੰ ਘਟਾਉਣ ਅਤੇ ਜ਼ਖ਼ਮੀਆਂ ਨੂੰ ਤੁਰੰਤ ਮਦਦ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ 2025 ਨੂੰ ਪੰਜਾਬ ਸਰਕਾਰ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਸ਼ੁਰੂ ਕਰਕੇ ਜਾਇਦਾਦ ਰਜਿਸਟਰੀ ਦੀ ਪ੍ਰਕਿਰਿਆ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਇਆ। ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ ਗਿਆ ਹੈ ਅਤੇ ਮੂੰਗੀ ਦੀ ਫ਼ਸਲ ‘ਤੇ MSP ਦਿੱਤਾ ਗਿਆ ਹੈ। ਗੰਨਾ ਕਿਸਾਨਾਂ ਦੇ ਬਕਾਏ ਅਦਾ ਕੀਤੇ ਗਏ ਅਤੇ ਗੰਨੇ ਦੇ ਸਰਕਾਰੀ ਭਾਅ ਵਿੱਚ ਇਤਿਹਾਸਕ ਵਾਧਾ ਕੀਤਾ ਗਿਆ।
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ (DSR) ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹ ਰਾਸ਼ੀ ਦਿੱਤੀ ਜਾ ਰਹੀ ਹੈ। ਨਹਿਰੀ ਪ੍ਰਣਾਲੀ ਮਜ਼ਬੂਤ ਕੀਤੀ ਗਈ ਹੈ ਅਤੇ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ‘ਤੇ ਸਬਸਿਡੀ ਦਿੱਤੀ ਗਈ ਹੈ। ਕੁਦਰਤੀ ਆਫ਼ਤਾਂ ਨਾਲ ਫ਼ਸਲ ਨੁਕਸਾਨ ‘ਤੇ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ ਅਤੇ ਹੁਣ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਤਿਆਰ ਕਰਨ ਲਈ ਸਕਿਲ ਡਿਵੈਲਪਮੈਂਟ ਸੈਂਟਰ ਅਪਗ੍ਰੇਡ ਕੀਤੇ ਗਏ ਹਨ ਅਤੇ ਉਦਯਮੀਆਂ ਨੂੰ ਸਸਤੇ ਕਰਜ਼ੇ ਅਤੇ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਇਆ ਗਿਆ ਅਤੇ 24 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਬੁਲਾਇਆ ਗਿਆ। ਇਸ ਨਾਲ ਪੰਜਾਬ ਦੀ ਸੱਭਿਆਚਾਰਕ ਅਤੇ ਆਧਿਆਤਮਿਕ ਵਿਰਾਸਤ ਨੂੰ ਸਨਮਾਨ ਮਿਲਿਆ।
ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਸਕੀਮ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹਰ ਘਰੇਲੂ ਖਪਤਕਾਰ ਨੂੰ ਦੋ ਮਹੀਨੇ ਦੇ ਬਿੱਲ ਸਾਈਕਲ ਵਿੱਚ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲਦੀ ਹੈ, ਜਿਸ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀ ਬਚਤ ਵਧੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਸਿਹਤ ਖੇਤਰ ਵਿੱਚ ਵੱਡਾ ਬਦਲਾਅ ਹੈ। ਇਹ ਯੋਜਨਾ ਪੂਰੀ ਤਰ੍ਹਾਂ ਕੈਸ਼ਲੈਸ ਹੈ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਮਜ਼ਬੂਤ ਵਿੱਤੀ ਸੁਰੱਖਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਆਮ ਮਹਿਲਾਵਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਹੀਨਾਵਾਰ ਦੇਣ ਦੀ ਯੋਜਨਾ ਵੀ ਲਾਗੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਕਿਰਪਾ ਨਾਲ ਦੀਵਾਨ ਟੋਡਰ ਮੱਲ ਹਵੇਲੀ ਦੀ ਵਿਰਾਸਤ ਸੰਭਾਲਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇਤਿਹਾਸਕ ਵਿਰਾਸਤ ਦੀ ਰੱਖਿਆ ਲਈ ਅੱਗੇ ਆਉਣ। ਬਰਗਾੜੀ ਮੋਰਚੇ ਦੇ ਆਗੂਆਂ ਨਾਲ ਕੀਤੇ ਵਾਅਦੇ ਅਨੁਸਾਰ ਦੋਸ਼ੀਆਂ ਖ਼ਿਲਾਫ਼ ਚਲਾਨ ਪੇਸ਼ ਕੀਤੇ ਗਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਰਹਿੰਦੀ ਕਮੀ ਦੂਰ ਕਰਨ ਲਈ ਰਹਿਨੁਮਾਈ ਬਖ਼ਸ਼ਣ।

Share this content:

Post Comment