Loading Now

ਪੰਜਾਬ ਸਰਕਾਰ ਭਾਜਪਾ ਦੇ ਸਮਾਗਮਾਂ ’ਚ ਅੜਿੱਕੇ ਪਾ ਰਹੀ ਹੈ : ਸੈਣੀ

ਪੰਜਾਬ ਸਰਕਾਰ ਭਾਜਪਾ ਦੇ ਸਮਾਗਮਾਂ ’ਚ ਅੜਿੱਕੇ ਪਾ ਰਹੀ ਹੈ : ਸੈਣੀ

ਅੰਮ੍ਰਿਤਸਰ, 23 ਫਰਵਰੀ – ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਜਪਾ ਤਰਫ਼ੋਂ ਪੰਜਾਬ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਡਿਊਟੀ ਪੰਜਾਬ ਵਿੱਚ ਲਾਈ ਗਈ ਹੈ, ਜਿਨ੍ਹਾਂ ਨੇ ਅੱਜ ਸੂਬੇ ਦੀ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2022 ਦੀਆਂ ਚੋਣਾਂ ਵਿੱਚ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਪੂਰਾ ਕੋਈ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ‘ਆਪ’ ਦੀ ਕਾਰਗੁਜ਼ਾਰੀ ਲੋਕਾਂ ਸਾਹਮਣੇ ਰੱਖ ਰਹੇ ਹਨ ਤਾਂ ਪੰਜਾਬ ਸਰਕਾਰ ਸੂਬੇ ਵਿੱਚ ਉਨ੍ਹਾਂ ਦੇ ਸਮਾਗਮਾਂ ’ਚ ਅੜਿੱਕੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫ਼ਤਰ ’ਚ ਹਿੰਦੁਸਤਾਨ ਸਟੂਡੈਂਟ ਐਸੋਸੀਏਸ਼ਨ ਨਾਲ ਸਬੰਧਤ 200 ਦੇ ਕਰੀਬ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਪੰਜਾਬ ਫੇਰੀ ’ਚ ਅੜਿੱਕੇ ਖੜ੍ਹੇ ਕਰਨ ਦੀ ਥਾਂ ਲੋਕ ਹਿੱਤ ਵਿੱਚ ਕੰਮ ਕਰੇ। ਸੈਣੀ ਨੇ ‘ਆਪ’ ਸਰਕਾਰ ਦਾ ਘਿਰਾਓ ਕਰਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀ ਗਿਣਤੀ ’ਚ ਵਾਧਾ ਹੋਇਆ ਹੈ ਜਦਕਿ ਹਰਿਆਣਾ ਵਿੱਚ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਸਰਕਾਰ ਬਣਨ ਤੋਂ ਬਾਅਦ ਗੈਂਗਸਟਰਾਂ ਅਤੇ ਨਸ਼ਾਂ ਤਸਕਰਾਂ ਦਾ ਜੜ੍ਹ ਤੋਂ ਖਾਤਮਾ ਕੀਤਾ ਜਾਵੇਗਾ। ਨਾਇਬ ਸੈਣੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚਾਰ ਸਾਲਾ ਮਗਰੋਂ ਵੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਨਹੀਂ ਦਿੱਤਾ, ਜਦੋਂ ਕਿ ਹਰਿਆਣਾ ਨੇ 2100 ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਹਰਿਆਣਾ ਦੀ ਤਰਜ ’ਤੇ ਪੰਜਾਬ ਦਾ ਹਰ ਪੱਖ ਤੋਂ ਵਿਕਾਸ ਕੀਤਾ ਜਾਵੇਗਾ।

ਸੈਣੀ ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰਨ: ਨੀਲ ਗਰਗ

‘ਆਪ’ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਵਿੱਚ ਪ੍ਰਚਾਰ ਕਰਨ ਲਈ ਜਦੋਂ ਮਰਜ਼ੀ ਆ ਸਕਦੇ ਹਨ ਪਰ ਉਹ ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਅਪਰਾਧਕ ਘਟਨਾਵਾਂ ਪੰਜਾਬ ਦੇ ਮੁਕਾਬਲੇ ਦੁੱਗਣੀਆਂ ਹਨ ਅਤੇ ਇਹ ਕੇਂਦਰੀ ਅੰਕੜੇ ਦੱਸਦੇ ਹਨ। ਨੀਲ ਗਰਗ ਨੇ ਕਿਹਾ ਕਿ ਹਰਿਆਣਾ ਵਿੱਚ ਸਾਲ 2023 ’ਚ ਇਕ ਹਜ਼ਾਰ ਤੋਂ ਵੱਧ ਅਤੇ 2024 ’ਚ 900 ਦੇ ਕਰੀਬ ਕਤਲ ਦੇ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਹਰਿਆਣਾ ਵਿੱਚ ਔਰਤਾਂ ਤੇ ਦਲਿਤਾਂ ਖ਼ਿਲਾਫ਼ ਅਪਰਾਧ ਬਹੁਤ ਵੱਧ ਹਨ। ਉਨ੍ਹਾਂ ਕਿਹਾ ਕਿ ਸੈਣੀ ਪੰਜਾਬ ਦੇ ਕਿਸਾਨਾਂ ਦੇ ਕਰਜ਼ਈ ਹੋਣ ਦੀ ਗੱਲ ਕਰਦੇ ਹਨ, ਜਦੋਂ ਕਿ ਕਿਸਾਨਾਂ ਸਿਰ ਇਹ ਕਰਜ਼ਾ ਭਾਜਪਾ ਦੇ ਰਾਜ ਵਿੱਚ ਹੀ ਚੜ੍ਹਿਆ ਸੀ।

Share this content:

Post Comment