ਪੰਜਾਬ ਸਰਕਾਰ ਵੱਲੋਂ ਕਾਹਨੂੰਵਾਨ ਨੂੰ ਸਬ-ਡਿਵੀਜ਼ਨ ਬਣਾਉਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਹਨੂੰਵਾਨ ਨੂੰ ਸਬ-ਡਿਵੀਜ਼ਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਮੁੱਖ ਸਰਕਾਰੀ ਦਫ਼ਤਰਾਂ ਨੂੰ ਇੱਕ ਛੱਤ ਹੇਠ ਲਿਆਂਦਾ ਜਾਵੇਗਾ। ਕਾਹਨੂੰਵਾਨ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਆਧਾਰਿਤ ਸ਼ਾਸਨ ਦੇ ਯੁੱਗ ਵੱਲ ਫ਼ੈਸਲਾਕੁਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ ‘ਝਾੜੂ’ ਦੀ ਵਰਤੋਂ ਕਰਨਗੇ।
ਮੁੱਖ ਮੰਤਰੀ ਨੇ ਅੱਜ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿੱਚ 168.44 ਕਰੋੜ ਰੁਪਏ ਨਾਲ ਬਣਨ ਵਾਲੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਇੱਥੇ ਇੱਕ ਆਧੁਨਿਕ ਸਟੇਡੀਅਮ ਵੀ ਸਥਾਪਿਤ ਕੀਤਾ ਜਾਵੇਗਾ। ਧਾਰੀਵਾਲ ਵੂਲਣ ਮਿੱਲ ਨੂੰ ਦੁਬਾਰਾ ਖੋਲ੍ਹਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਗੁਰਦੇਵ ਸਿੰਘ ਲੱਖਣਾ, ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜੋਬਨ ਰੰਧਾਵਾ ਸਣੇ ਵੱਖ-ਵੱਖ ਹਲਕਿਆਂ ਦੇ ਇੰਚਾਰਜ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਜਵਾਬ ਕਰਨ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸੁਵਿੰਦਰ ਸਿੰਘ ਚੁਤਾਲਾ ਅਤੇ ਜ਼ਿਲਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਕਿਸਾਨਾਂ ਨੂੰ ਪੁਲੀਸ ਨੇ ਰਸਤੇ ਵਿੱਚ ਰੋਕ ਲਿਆ। ਪੁਲੀਸ ਨਾਲ ਹੋਈ ਝੜਪ ਮਗਰੋਂ ਕੀਤੇ ਲਾਠੀਚਾਰਜ ’ਚ ਕੁਝ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ।
Share this content:


Post Comment