ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ – ਕੇਜਰੀਵਾਲ
ਚੰਡੀਗੜ੍ਹ, 7 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ’ਤੇ CBI ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪਾਰਟੀ ਆਗੂਆਂ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ‘ਆਪ’ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕਾਰਵਾਈ ਭਾਜਪਾ ਦੀ ਬੌਖਲਾਹਟ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਮੁੱਦਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਚੁਣੇ ਹੋਏ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਵਿੱਚ ਸਿੱਧੇ ਤੌਰ ’ਤੇ ਚੋਣ ਜਿੱਤਣ ਦੀ ਸਥਿਤੀ ਵਿੱਚ ਨਹੀਂ ਹੈ, ਇਸ ਲਈ ਜਾਂਚ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ। ਇਸੇ ਦੌਰਾਨ ਪੰਜਾਬ ‘ਆਪ’ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ CBI ਦੀ ਕਾਰਵਾਈ ਨੂੰ ਪੰਜਾਬ ਵਿੱਚ ਭਾਜਪਾ ਦੀ ‘ਐਡਵਾਂਸ ਪਾਰਟੀ’ ਵਜੋਂ ਦੇਖਿਆ ਜਾ ਰਿਹਾ ਹੈ।
Share this content:



Post Comment