ਰੰਗਲੇ ਪੰਜਾਬ ਨੂੰ ਹੋਰ ਕਰਜ਼ਾਈ ਕਰਨ ਲਈ ਪੰਜਾਬ ਸਰਕਾਰ ਚੁੱਕੇਗੀ 1 ਹਜ਼ਾਰ ਕਰੋੜ ਦਾ ਹੋਰ ਕਰਜ਼ਾ
ਚੰਡੀਗੜ੍ਹ, 16 ਜੂਨ – ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2026-27 ਵਿੱਚ ਇਸ ਮਹੀਨੇ ਇਕ ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਲਏਗੀ। ਇਸ ਤੋਂ ਪਹਿਲਾਂ ਸੂਬਾ ਸਰਕਾਰ ਚਲੰਤ ਵਿੱਤੀ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ 5300 ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ। ਹੁਣ ਇਸ ਨਵੇਂ ਕਰਜ਼ੇ ਮਗਰੋਂ ਇਹ ਅੰਕੜਾ 6300 ਕਰੋੜ ਰੁਪਏ ਹੋ ਜਾਵੇਗਾ। ਪੰਜਾਬ ਸਰਕਾਰ ਪਲਾਨ ਸਕੀਮਾਂ ਅਤੇ ਵਿਕਾਸ ਸਕੀਮਾਂ ਲਈ ਪੂੰਜੀਗਤ ਖ਼ਰਚੇ ਵਜੋਂ ਨਵਾਂ ਕਰਜ਼ਾ ਸੱਤ ਸਾਲਾਂ ਦੀ ਮਿਆਦ ਲਈ ਚੁੱਕ ਰਹੀ ਹੈ। ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ ਮਾਰਕੀਟ ਉਧਾਰ ਜ਼ਰੀਏ 43,798.38 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਦੀ ਇੱਛੁਕ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ਸੂਬੇ ਦੀ ਵਿੱਤੀ ਸਥਿਤੀ ’ਚ ਸੁਧਾਰ ਹੋ ਰਿਹਾ ਹੈ ਅਤੇ ਤੈਅ ਹੱਦ ’ਚ ਹੀ ਨਵਾਂ ਕਰਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਮੂਲ ਕਰਜ਼ਾ ਚੁਕਾਉਣ ਅਤੇ ਪੁਰਾਣੇ ਕਰਜ਼ੇ ਦਾ ਵਿਆਜ ਤਾਰਨ ਲਈ ਪੈਸਾ ਵਰਤਿਆ ਜਾ ਰਿਹਾ ਹੈ। ਸੂਬਾ ਸਰਕਾਰ ਨੇ ਅਪਰੈਲ ਮਹੀਨੇ 2800 ਕਰੋੜ ਰੁਪਏ ਅਤੇ ਮਈ ਮਹੀਨੇ 2500 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਸੀ।
ਅਗਾਮੀ ਅਸੈਂਬਲੀ ਚੋਣਾਂ ਸਿਰ ’ਤੇ ਹਨ ਅਤੇ ਪਹਿਲੀ ਜੁਲਾਈ ਤੋਂ ਸਰਕਾਰ ਔਰਤਾਂ ਨੂੰ ਮਾਸਿਕ 1000 ਰੁਪਏ ਅਤੇ ਐੱਸ ਸੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਮਾਣ ਭੱਤਾ ਦੇਣਾ ਸ਼ੁਰੂ ਕਰੇਗੀ। ਅਗਲੇ ਮਹੀਨਿਆਂ ’ਚ ਸੂਬਾ ਸਰਕਾਰ ਨੂੰ ਨਵੇਂ ਵਿੱਤੀ ਵਸੀਲੇ ਜੁਟਾਉਣੇ ਪੈਣਗੇ। ਸਰਕਾਰ ਖ਼ਰਚਿਆਂ ਦੀ ਪੂਰਤੀ ਹਿਤ ਹੋਰ ਨਵਾਂ ਕਰਜ਼ ਚੁੱਕ ਸਕਦੀ ਹੈ। ਵਿਰੋਧੀ ਧਿਰਾਂ ਵੱਲੋਂ ਸੂਬਾ ਸਰਕਾਰ ਨੂੰ ਕਰਜ਼ੇ ਦੇ ਮੁੱਦੇ ’ਤੇ ਲਗਾਤਾਰ ਘੇਰਿਆ ਜਾ ਰਿਹਾ ਹੈ। ‘ਆਪ’ ਦੇ ਸੱਤਾ ਵਿੱਚ ਆਉਣ ਸਮੇਂ ਪੰਜਾਬ ’ਤੇ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ ਜੋ 31 ਮਾਰਚ 2025 ਤੱਕ ਵੱਧ ਕੇ 3.83 ਲੱਖ ਕਰੋੜ ਰੁਪਏ ਹੋ ਗਿਆ ਸੀ, ਜੋ ਜੀ ਡੀ ਪੀ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ਇਸ ਤੋਂ ਪਹਿਲਾਂ ਕਾਂਗਰਸ ਹਕੂਮਤ ਵੇਲੇ 2017-18 ’ਚ ਪੰਜਾਬ ’ਤੇ ਕਰਜ਼ਾ 1.82 ਲੱਖ ਕਰੋੜ ਰੁਪਏ ਦਾ ਸੀ।
Share this content:



Post Comment