Loading Now

ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ : ਚੋਣ ਕਮਿਸ਼ਨ

ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ : ਚੋਣ ਕਮਿਸ਼ਨ

ਨਵੀਂ ਦਿੱਲੀ, 13 ਸਤੰਬਰ – ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਅੱਜ ਦੱਸਿਆ ਹੈ ਕਿ ਦੇਸ਼ ਭਰ ਵਿੱਚ ਸਮੇਂ ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਕਰਵਾਉਣ ਦਾ ਕੋਈ ਵੀ ਨਿਰਦੇਸ਼ ਚੋਣ ਕਮਿਸ਼ਨ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗਾ। ਇਸ ਸਬੰਧੀ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਜਿਸ ਵਿਚ ਕਿਹਾ ਗਿਆ ਕਿ ਉਸ ਦਾ ਇਸ ਵਿਚ ਸੋਧ ਕਰਨ ਦਾ ਪੂਰਾ ਅਧਿਕਾਰ ਹੈ। ਇਸ ਸਬੰਧੀ ਵਕੀਲ ਅਸ਼ਵਿਨੀ ਕੁਮਾਰ ਉਪਾਧਿਆਏ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਉਸ ਨੇ ਅਦਾਲਤ ਤੋਂ ਚੋਣ ਕਮਿਸ਼ਨ ਨੂੰ ਪੂਰੇ ਭਾਰਤ ਵਿੱਚ ਖਾਸ ਤੌਰ ’ਤੇ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਭਾਰਤੀ ਨਾਗਰਿਕ ਹੀ ਦੇਸ਼ ਦੀ ਰਾਜਨੀਤੀ ਅਤੇ ਨੀਤੀ ਬਾਰੇ ਫੈਸਲਾ ਕਰਨ।

ਚੋਣ ਕਮਿਸ਼ਨ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਕੋਲ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਨਿਗਰਾਨੀ ਕਰਨ ਲਈ ਸੰਵਿਧਾਨਕ ਅਤੇ ਕਾਨੂੰਨੀ ਸ਼ਕਤੀਆਂ ਹਨ। ਦੇਸ਼ ਭਰ ਵਿੱਚ ਨਿਯਮਤ ਵਕਫੇ ’ਤੇ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਦਾ ਕੋਈ ਵੀ ਨਿਰਦੇਸ਼ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗੀ। ਸੁਪਰੀਮ ਕੋਰਟ ਨੇ 8 ਸਤੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਬਿਹਾਰ ਵਿੱਚ ਵੋਟਰ ਸੂਚੀਆਂ ਦੇ SIR ਵਿੱਚ ਵੋਟਰਾਂ ਦੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਨੇ ਚੋਣ ਕਮਿਸ਼ਨ ਨੂੰ 9 ਸਤੰਬਰ ਤੱਕ ਇਸ ਨਿਰਦੇਸ਼ ਨੂੰ ਲਾਗੂ ਕਰਨ ਲਈ ਕਿਹਾ ਸੀ। ਚੋਣ ਕਮਿਸ਼ਨ ਦੇ 24 ਜੂਨ ਦੇ ਨੋਟੀਫਿਕੇਸ਼ਨ ਅਨੁਸਾਰ ਬਿਹਾਰ ਵਿੱਚ ਅੰਤਿਮ ਵੋਟਰ ਸੂਚੀ 30 ਸਤੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ।

Share this content:

Post Comment