Loading Now

ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜਿਆ

ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜਿਆ

ਅੰਮ੍ਰਿਤਸਰ, 28 ਮਈ – ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿੱਚ ਬਣੀ ਸਿਟ ਵੱਲੋਂ ਸ਼੍ਰੋਮਣੀ ਕਮੇਟੀ ਤੋਂ ਗ਼ੈਰ-ਜ਼ਰੂਰੀ ਜਾਣਕਾਰੀ ਮੰਗਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਆਖਿਆ ਕਿ ਪਹਿਲਾਂ ਵੀ ਅਕਾਲ ਤਖ਼ਤ ਦੇ ਹੁਕਮਾਂ ’ਤੇ ਸ਼੍ਰੋਮਣੀ ਕਮੇਟੀ ਨੇ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਸੀ। ਟੀਮ ਹੁਣ ਬੇਲੋੜੀ ਜਾਣਕਾਰੀ ਮੰਗ ਰਹੀ ਹੈ। ਵਿਸ਼ੇਸ਼ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਕੋਲੋਂ ਅਜਿਹੀ ਜਾਣਕਾਰੀ ਮੰਗੀ ਜਾ ਰਹੀ ਹੈ, ਜੋ 328 ਪਾਵਨ ਸਰੂਪਾਂ ਦੀ ਜਾਂਚ ਮਾਮਲੇ ਵਿੱਚ ਲੋੜੀਂਦੀ ਨਹੀਂ ਹੈ। ਟੀਮ ਸ਼੍ਰੋਮਣੀ ਕਮੇਟੀ ਦੇ ਸਾਰੇ ਬੈਂਕ ਖਾਤੇ, ਬੈਲੈਂਸ ਸ਼ੀਟ, ਲੈਣ-ਦੇਣ, ਗੁਰਬਾਣੀ ਪ੍ਰਸਾਰਨ ਸਬੰਧੀ ਮਾਮਲੇ ਬਾਰੇ ਵੀ ਜਾਣਕਾਰੀ ਮੰਗ ਰਹੀ ਹੈ। ਵਿਸ਼ੇਸ਼ ਜਾਂਚ ਟੀਮ ਦੀ ਅਜਿਹੀ ਕਾਰਵਾਈ ਸਿੱਖ ਸੰਸਥਾ ਦੇ ਮਾਮਲਿਆਂ ਵਿੱਚ ਸਿੱਧੀ ਦਖ਼ਲ-ਅੰਦਾਜ਼ੀ ਹੈ।

ਪੱਤਰ ਦੀ ਭਾਵਨਾ ਇਹ ਹੈ ਕਿ ਕੀ ਸ਼੍ਰੋਮਣੀ ਕਮੇਟੀ ਭਵਿੱਖ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਜਾਰੀ ਰੱਖੇ ਜਾਂ ਨਹੀਂ, ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਜਾਵੇ। ਇਸ ਤੋਂ ਪਹਿਲਾਂ ਕੱਲ੍ਹ ਸ਼੍ਰੋਮਣੀ ਕਮੇਟੀ ਨੇ ਇਹ ਮਾਮਲਾ ਮੀਡੀਆ ਵਿੱਚ ਵੀ ਜਨਤਕ ਕੀਤਾ ਸੀ। ਦੱਸਣਯੋਗ ਹੈ ਕਿ ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਤੇ ਸਾਬਕਾ ਮੁਲਾਜ਼ਮਾਂ ਅਤੇ ਹੋਰਨਾਂ ਸਣੇ 16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਜ਼ਮਾਨਤ ’ਤੇ ਰਿਹਾਅ ਹੋ ਚੁੱਕੇ ਹਨ।

Share this content:

Post Comment