Loading Now

ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਲਾਂ, ਪੁੱਛਗਿੱਛ ਲਈ SIT ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਲਾਂ, ਪੁੱਛਗਿੱਛ ਲਈ SIT ਨੇ ਮੁੜ ਕੀਤਾ ਤਲਬ

ਚੰਡੀਗੜ੍ਹ, 8 ਸਤੰਬਰ – 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ‘ਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਤੋਂ ਇਸ ਮਾਮਲੇ ‘ਚ ਪੁੱਛਗਿੱਛ ਹੋ ਚੁੱਕੀ ਹੈ। ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜਦੋਂ ਵੀ ਜਾਂਚ ਟੀਮ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ, ਉਹ ਜਾਂਚ ਵਿਚ ਸਹਿਯੋਗ ਲਈ ਪੇਸ਼ ਹੋਣਗੇ।

ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਵੀ SIT ਦੋ ਵਾਰ ਪੁੱਛਗਿੱਛ ਲਈ ਬੁਲਾ ਚੁੱਕੀ ਹੈ। ਉਥੇ ਹੀ ਸੁਖਬੀਰ ਬਾਦਲ ਨੂੰ ਵੀ ਇਸ ਤੋਂ ਪਹਿਲਾਂ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਉਹ ਜਾਂਚ ਵਿਚ ਹਰ ਸੰਭਵ ਸਹਿਯੋਗ ਕਰਨਗੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਸੁਖਬੀਰ ਬਾਦਲ ਹਨ ਅਤੇ ਡਰਨ ਵਾਲਿਆਂ ਵਿਚੋਂ ਨਹੀਂ ਹਨ।

‘ਸਰਕਾਰ ਅਸਲ ਮੁੱਦਿਆਂ ਤੋਂ ਧਿਆਨ ਭਟਕਾ ਰਹੀ’

ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਸੁਖਬੀਰ ਬਾਦਲ ਨੂੰ ਮੁੜ ਤਲਬ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਸਮੇਂ ਕਈ ਮੁੱਦਿਆਂ ’ਤੇ ਘਿਰੀ ਹੋਈ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ। ਕਲੇਰ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਦੀ ਕਾਰਵਾਈ ਰਾਹੀਂ ਲੋਕਾਂ ਦਾ ਧਿਆਨ ਅਸਲ ਸਮੱਸਿਆਵਾਂ ਤੋਂ ਨਹੀਂ ਭਟਕਾ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਬਹਿਬਲ ਕਲਾਂ ਮਾਮਲੇ ਵਿਚ ਅਦਾਲਤ ਵਿਚ ਦੋ ਤਰੀਕਾਂ ’ਤੇ ਸਰਕਾਰ ਨੂੰ ਫਟਕਾਰ ਲੱਗ ਚੁੱਕੀ ਹੈ। ਇਸ ਤੋਂ ਬਾਅਦ ਹੀ ਸੁਖਬੀਰ ਬਾਦਲ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਅਕਾਲੀ ਦਲ ਦਾ ਦੋਸ਼ ਹੈ ਕਿ ਸਰਕਾਰ ਸਿਆਸੀ ਲਾਹੇ ਲਈ ਪੁਰਾਣੇ ਮਾਮਲਿਆਂ ਨੂੰ ਮੁੱਦਾ ਬਣਾ ਰਹੀ ਹੈ, ਜਦਕਿ ਸਰਕਾਰ ਅਤੇ ਜਾਂਚ ਏਜੰਸੀਆਂ ਮਾਮਲੇ ਦੀ ਜਾਂਚ ਨੂੰ ਕਾਨੂੰਨ ਮੁਤਾਬਕ ਅੱਗੇ ਵਧਾਉਣ ਦੀ ਗੱਲ ਕਹਿੰਦੀਆਂ ਰਹੀਆਂ ਹਨ।

Share this content:

Post Comment