ਸ੍ਰੀ ਡੀ ਕੇ ਤਿਵਾੜੀ ਵਧੀਕ ਮੁੱਖ ਸਕੱਤਰ ਵੱਲੋਂ ਆਂਗਣਵਾੜੀ ਕੇਂਦਰਾਂ ਦਾ ਨਰੀਖਣ

*ਆਂਗਣਵਾੜੀ ਕੇਦਰਾਂ ਦੀਆਂ ਖਾਮੀਆਂ ਦੂਰ ਕਰਨ ਲਈ ਸਖਤ ਹਦਾਇਤਾਂ
*ਲੋਹਾਰਾ, ਖੋਸਾ ਕੋਟਲਾ ਅਤੇ ਗਗੜਾ ਦੇ ਕੇਂਦਰਾਂ ਵਿੱਚ ਸਾਫ਼-ਸਫ਼ਾਈ ਤੇ ਖਾਧ ਪਦਾਰਥਾਂ ਦੀ ਉਪਲਬਧਤਾ ਦਾ ਲਿਆ ਜਾਇਜ਼ਾ
*ਬੱਚਿਆਂ ਦੇ ਪੋਸ਼ਣ ਨਾਲ ਕੋਈ ਸਮਝੌਤਾ ਨਹੀਂ, ਬੱਚਿਆਂ ਦੀ ਸਿਹਤ ਤੇ ਪੋਸ਼ਣ ਸਰਕਾਰ ਦੀ ਤਰਜੀਹ-ਤਿਵਾੜੀ
ਮੋਗਾ, 21 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬਿਹਤਰ ਪੋਸ਼ਣ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਰਕਾਰੀ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ. ਕੇ. ਤਿਵਾੜੀ ਨੇ ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਲੋਹਾਰਾ, ਖੋਸਾ ਕੋਟਲਾ ਅਤੇ ਗਗੜਾ ਸਥਿਤ ਆਂਗਣਵਾੜੀ ਕੇਂਦਰਾਂ ਦਾ ਨਰੀਖਣ ਕੀਤਾ। ਉਨ੍ਹਾਂ ਨੇ ਕੇਂਦਰਾਂ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ, ਸਾਫ਼-ਸਫ਼ਾਈ ਦੇ ਪ੍ਰਬੰਧਾਂ ਅਤੇ ਲਾਭਪਾਤਰੀਆਂ ਲਈ ਖਾਧ ਪਦਾਰਥਾਂ ਦੀ ਉਪਲੱਬਧਤਾ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ ਜਸਪਿੰਦਰ ਸਿੰਘ ਵੀ ਮੌਜੂਦ ਸਨ।

ਵਧੀਕ ਮੁੱਖ ਸਕੱਤਰ ਨੇ ਆਂਗਣਵਾੜੀ ਕੇਂਦਰਾਂ ਵਿੱਚ ਸਾਫ਼-ਸਫ਼ਾਈ ਦੀ ਸਥਿਤੀ ਅਤੇ ਖਾਧ ਪਦਾਰਥਾਂ ਦੀ ਘਾਟ ਸਬੰਧੀ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਸਫ਼ਾਈ, ਸਾਫ਼ ਪੀਣ ਵਾਲੇ ਪਾਣੀ, ਸੁਰੱਖਿਅਤ ਵਾਤਾਵਰਨ ਅਤੇ ਪੌਸ਼ਟਿਕ ਖੁਰਾਕ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਲਾਭਪਾਤਰੀਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਲੋੜਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਮੁੱਢਲੇ ਵਿਕਾਸ, ਪੋਸ਼ਣ ਅਤੇ ਸਿਹਤ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਨ੍ਹਾਂ ਕੇਂਦਰਾਂ ਵਿੱਚ ਸਰਕਾਰੀ ਮਾਪਦੰਡਾਂ ਅਨੁਸਾਰ ਸਹੂਲਤਾਂ ਦੀ ਉਪਲਬਧਤਾ ਅਤੇ ਸੇਵਾਵਾਂ ਦੀ ਗੁਣਵੱਤਾ ਕਾਇਮ ਰੱਖਣਾ ਸਬੰਧਤ ਵਿਭਾਗਾਂ ਦੀ ਮੁੱਖ ਜ਼ਿੰਮੇਵਾਰੀ ਹੈ। ਵਧੀਕ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਹੋਵੇ ਅਤੇ ਆਂਗਣਵਾੜੀ ਕੇਂਦਰਾਂ ਦੇ ਕੰਮਕਾਜ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਅਨੁਸਾਰ, ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ।
Share this content:



Post Comment