Loading Now

ਹਰਿਆਣਾ ਕਾਂਗਰਸ ਵੱਲੋਂ ਮਗਨਰੇਗਾ ਦੀ ਬਹਾਲੀ ਲਈ ਪ੍ਰਦਰਸ਼ਨ

ਹਰਿਆਣਾ ਕਾਂਗਰਸ ਵੱਲੋਂ ਮਗਨਰੇਗਾ ਦੀ ਬਹਾਲੀ ਲਈ ਪ੍ਰਦਰਸ਼ਨ

ਹਰਿਆਣਾ, 26 ਫਰਵਰੀ – ਹਰਿਆਣਾ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਨੂੰ ਬਦਲ ਕੇ ਲਿਆਂਦੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਰਿਆਣਾ ਕਾਂਗਰਸ ਦੇ ਇੰਚਾਰਜ ਬੀ ਕੇ ਹਰੀ ਪ੍ਰਸਾਦ, ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ, ਸੂਬਾ ਪ੍ਰਧਾਨ ਰਾਓ ਨਰਿੰਦਰ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸੈਕਟਰ 9 ਸਥਿਤ ਹਰਿਆਣਾ ਕਾਂਗਰਸ ਦੇ ਦਫ਼ਤਰ ਵਿੱਚ ਇਕੱਠੇ ਹੋ ਕੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅੱਗੇ ਵਧੇ। ਕਾਂਗਰਸੀਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਗਨਰੇਗਾ ਨੂੰ ਬਹਾਲ ਕਰਨ ਦੀ ਮੰਗ ਕੀਤੀ

। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਰਿਆਣਾ ਕਾਂਗਰਸ ਦੇ ਦਫ਼ਤਰ ਤੋਂ ਕੁਝ ਦੁੂਰੀ ’ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਾਫੀ ਖਿੱਚ-ਧੂਹ ਹੋਈ। ਇਸ ਤੋਂ ਬਾਅਦ ਪੁਲੀਸ ਨੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ 3 ਵਿੱਚ ਲਿਜਾਇਆ ਗਿਆ, ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਛੱਡ ਦਿੱਤਾ ਗਿਆ।

ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦਲਿਤ, ਪਿਛੜੇ ਵਰਗ, ਗਰੀਬਾਂ ਅਤੇ ਪੰਚਾਇਤਾਂ ਦੇ ਅਧਿਕਾਰੀਆਂ ਦਾ ਘਾਣ ਕੀਤਾ ਹੈ। ਇਸੇ ਤਰ੍ਹਾਂ ਮਗਨਰੇਗਾ ਨੂੂੰ ਖਤਮ ਕਰਕੇ ਮਜ਼ਦੂਰ ਵਰਗ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਿਆਣਾ ਵਿੱਚ 8 ਲੱਖ ਤੋਂ ਵੱਧ ਮਗਨਰੇਗਾ ਕਾਮੇ ਹਨ, ਜਿਨ੍ਹਾਂ ਵਿੱਚੋਂ ਸਾਲ 2024-25 ਵਿੱਚ ਸਿਰਫ਼ 2100 ਪਰਿਵਾਰਾਂ ਨੂੰ ਸਾਲ ਵਿੱਚ 100 ਦਿਨ ਕੰਮ ਮਿਲ ਸਕਿਆ ਸੀ, ਜਦੋਂ ਕਿ ਨਵੇਂ ਕਾਨੂੰਨ ਤਹਿਤ ਲੋਕਾਂ ਨੂੰ ਇਹ ਕੰਮ ਵੀ ਨਹੀਂ ਮਿਲੇਗਾ। ਕਾਂਗਰਸੀਆਂ ਨੇ ਕਿਹਾ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਤੇ ਮਹਿੰਗਾਈ ਲਗਾਤਾਰ ਵੱਧ ਰਹੀ ਹੈ।

Share this content:

Post Comment